ਅਬੋਹਰ,27 ਮਾਰਚ (ਵਿਵੇਕ ਹੂੜੀਆ)-ਅਬੋਹਰ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਵਿਚ ਇਲਾਕੇ ਦੇ 5 ਸਰਪੰਚ, ਕਈ ਪੰਚ ਅਤੇ ਇਕ ਬਲਾਕ ਸੰਮਤੀ ਮੈਂਬਰ ਵੱਖ-ਵੱਖ ਪਾਰਟੀਆਂ ਛੱਡ ਕੇ 'ਆਪ' ਵਿਚ ਸ਼ਾਮਲ ਹੋ ਗਏ | ਇਹ ਪ੍ਰੋਗਰਾਮ ਹਲਕਾ ਇੰਚਾਰਜ ਅਰੁਣ ਨਾਰੰਗ ਦੀ ਰਿਹਾਇਸ਼ ਵਿਖੇ ਆਯੋਜਿਤ ਕੀਤਾ ਗਿਆ, ਜਿੱਥੇ ਪਾਰਟੀ ਆਗੂਆਂ ਨੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਕਾਰਨ ਹੀ ਅੱਜ ਦੂਜੀਆਂ ਪਾਰਟੀਆਂ ਦੇ ਆਗੂ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਜਨ-ਸੇਵਾ ਵਿਚ ਸਰਗਰਮ ਭੂਮਿਕਾ ਨਿਭਾਉਣ | ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਅਬੋਹਰ ਦੇ ਲੋਕਾਂ ਦਾ ਮਾਨ ਸਰਕਾਰ ਦੀ ਕਾਰਜਸ਼ੈਲੀ ਵਿਚ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਵੀ ਸੰਬੋਧਨ ਕੀਤਾ ਅਤੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਨਮਾਨ ਕੀਤਾ | ਇਸ ਦੌਰਾਨ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |