ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਵਲੋਂ ਪਿਛਲੇ ਮਹੀਨਿਆਂ ਦੌਰਾਨ ਹੋਈਆਂ ਬਾਲ ਮੌਤਾਂ ਦੇ ਮੈਡੀਕਲ ਅਤੇ ਸਮਾਜਿਕ ਕਾਰਨਾਂ ਦੀ ਪਛਾਣ ਕਰਨ ਲਈ 'ਬਾਲ ਮਿ੍ਤੂ ਸਮੀਖਿਆ ਮੀਟਿੰਗ' ਕੀਤੀ ਗਈ | ਇਸ ਦੌਰਾਨ ਬੱਚਿਆਂ ਦੀਆਂ ਮੌਤਾਂ ਦੇ ਕਾਰਨਾਂ ਸਬੰਧੀ ਰਿਕਾਰਡ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ | ਡਾ.ਰਿੰਕੂ ਚਾਵਲਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਨੋਰਥ ਬਾਲ ਮੌਤ ਦਰ ਨੂੰ ਘਟਾਉਣਾ ਅਤੇ ਉਨ੍ਹਾਂ ਕਾਰਨਾਂ ਦੀ ਸ਼ਨਾਖ਼ਤ ਕਰਨਾ ਹੈ ਜਿਨ੍ਹਾਂ ਕਰਕੇ ਭਵਿੱਖ ਵਿਚ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕੇ | ਉਨ੍ਹਾਂ ਸਮੂਹ ਸਟਾਫ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਟੀਕਾਕਰਨ ਸੈਸ਼ਨਾਂ ਦੌਰਾਨ ਮਾਪਿਆਂ ਨੂੰ ਸਿਹਤ ਸਿੱਖਿਆ ਦੇਣ ਦੇ ਨਾਲ-ਨਾਲ ਮੁਕੰਮਲ ਟੀਕਾਕਰਨ ਅਤੇ ਸਿਹਤ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ | ਉਨ੍ਹਾਂ ਬੱਚਿਆਂ 'ਚ ਖ਼ਤਰੇ ਦੇ ਲੱਛਣਾਂ ਦੀ ਪਛਾਣ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ | ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਅੱਗੇ ਕਿਹਾ ਕਿ ਗਰਭਵਤੀ ਅÏਰਤਾਂ ਦੀ ਰਜਿਸਟਰੇਸ਼ਨ ਤੋਂ ਲੈ ਕੇ ਜਣੇਪੇ ਤੱਕ ਵਿਸ਼ੇਸ਼ ਧਿਆਨ ਰੱਖਿਆ ਜਾਵੇ | ਖ਼ਾਸ ਕਰਕੇ 'ਹਾਈ ਰਿਸਕ' ਗਰਭਵਤੀ ਅÏਰਤਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਇਲਾਜ ਲਈ ਬਿਹਤਰ ਪ੍ਰਬੰਧ ਕੀਤੇ ਜਾਣ | ਉਨ੍ਹਾਂ ਜਨਮ ਤੋਂ ਹੋਣ ਵਾਲੇ ਨੁਕਸਾਂ ਦੀ ਜਾਂਚ ਕਰਨ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਬੱਚਿਆਂ ਦੇ ਇਲਾਜ ਲਈ ਢੁਕਵੇਂ ਕਦਮ ਚੁੱਕਣ ਦੀ ਵੀ ਹਦਾਇਤ ਕੀਤੀ | ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਡਾਕਟਰ, ਮਾਸ ਮੀਡੀਆ ਵਿੰਗ ਤੋਂ ਵਿਨੋਦ ਕੁਮਾਰ, ਦਿਵੇਸ਼ ਕੁਮਾਰ, ਸ਼ਵੇਤਾ ਨਾਗਪਾਲ ਅਤੇ ਹੋਰ ਸਟਾਫ਼ ਹਾਜ਼ਰ ਸੀ |