ਫ਼ਾਜ਼ਿਲਕਾ, 6 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵਲੋਂ ਹਾਲ ਹੀ ਵਿਚ ਹੋਈ ਗੜੇ੍ਹਮਾਰੀ ਕਾਰਨ ਨੁਕਸਾਨੀ ਗਈ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਪਾਕਾ ਪਿੰਡ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਖੇਤਾਂ ਵਿਚ ਜਾ ਕੇ ਮੌਕੇ 'ਤੇ ਨੁਕਸਾਨ ਦੀ ਸਥਿਤੀ ਦਾ ਅੰਦਾਜ਼ਾ ਲਾਇਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ | ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤਪਾਲ ਕੌਰ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਿਰਦਾਵਰੀ ਦੀ ਕਾਰਵਾਈ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਸਕੇ | ਉਨ੍ਹਾਂ ਨੇ ਦੱਸਿਆ ਕਿ ਟੀਮਾਂ ਵਲੋਂ ਹਰ ਪਿੰਡ ਵਿਚ ਜਾ ਕੇ ਨੁਕਸਾਨ ਦੀ ਵਿਸਥਾਰਪੂਰਵਕ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਦੇ ਆਧਾਰ 'ਤੇ ਸਰਕਾਰ ਵਲੋਂ ਨਿਯਮਾਂ ਅਨੁਸਾਰ ਮੁਆਵਜ਼ਾ ਜਾਰੀ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਹਰ ਯੋਗ ਕਿਸਾਨ ਤੱਕ ਮਦਦ ਪਹੁੰਚੇਗੀ | ਇਸ ਮੌਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦੇ ਹੋਏ ਆਸ ਜਤਾਈ ਕਿ ਸਰਕਾਰ ਵੱਲੋਂ ਜਲਦ ਮੁਆਵਜ਼ਾ ਮਿਲੇਗਾ ਜਿਸ ਨਾਲ ਉਹ ਆਪਣੇ ਨੁਕਸਾਨ ਤੋਂ ਉੱਭਰ ਸਕਣਗੇ | ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਗਿਰਦਾਵਰੀ ਟੀਮਾਂ ਨਾਲ ਸਹਿਯੋਗ ਕਰਨ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲਗਾ ਕੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾ ਸਕੇ |