ਫ਼ਾਜ਼ਿਲਕਾ, 6 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਨੇ ਦੋ ਨਵੀਆਂ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ | ਆਮ ਆਦਮੀ ਕਲੀਨਿਕ ਘੁਬਾਇਆ ਲਈ ਡਾ.ਨਿਕਿਤਾ ਕਾਮਰਾ ਅਤੇ ਹਸਤਾ ਕਲਾਂ ਲਈ ਡਾ.ਸ਼ਰੀਨ ਕੰਬੋਜ ਨੂੰ ਬਤੌਰ ਮੈਡੀਕਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ 27 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ, ਜੋ ਆਮ ਲੋਕਾਂ ਲਈ ਬਹੁਤ ਫ਼ਾਇਦੇਮੰਦ ਸਾਬਤ ਹੋ ਰਹੇ ਹਨ | ਇਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਦਾ ਮੌਕੇ 'ਤੇ ਚੈੱਕਅਪ ਕਰਕੇ 100 ਦੇ ਕਰੀਬ ਜ਼ਰੂਰੀ ਦਵਾਈਆਂ ਅਤੇ 46 ਕਿਸਮ ਦੇ ਲੈਬ ਟੈੱਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਗਰਭਵਤੀ ਅÏਰਤਾਂ ਦਾ ਇਲਾਜ, ਮੁਫ਼ਤ ਅਲਟਰਾਸਾਊਾਡ ਰੈਫਰਲ, ਰੇਬੀਜ਼ ਵੈਕਸੀਨ ਅਤੇ ਟੀਕਾਕਰਨ ਦੀਆਂ ਸਹੂਲਤਾਂ ਵੀ ਉਪਲਬਧ ਹਨ | ਸਿਵਲ ਸਰਜਨ ਨੇ ਨਵ-ਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ, ਸਹਾਇਕ ਸਿਵਲ ਸਰਜਨ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ ਅਤੇ ਮਾਸ ਮੀਡੀਆ ਵਿੰਗ ਦੇ ਮੈਂਬਰ ਵੀ ਹਾਜ਼ਰ ਸਨ |