ਅਬੋਹਰ, 7 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਵਫ਼ਦ ਵਲੋਂ ਅਬੋਹਰ ਦੇ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੂੰ ਮੰਗ ਪੱਤਰ ਦਿੰਦੇ ਹੋਏ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਕਣਕ ਦੀ ਫ਼ਸਲ ਦੇ ਸੰਬੰਧੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਆਗੂ ਜਗਜੀਤ ਸਿੰਘ ਸੰਧੂ ਝੁਰੜ ਖੇੜਾ, ਅਜੈ ਵਧਵਾ, ਨਿਰਮਲ ਸਿੰਘ ਬਹਾਵਵਾਲਾ, ਬਖ਼ਸ਼ੀਸ਼ ਸਿੰਘ ਸੋਨਾ ਸੰਧੂ, ਜਸਵੰਤ ਸਿੰਘ ਸੰਧੂ, ਜੱਜ ਸਿੰਘ ਤਿੰਨਾ ਆਦਿ ਨੇ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੂੰ ਮੰਗ ਪੱਤਰ ਦਿੰਦੇ ਹੋਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੀ ਖੜ੍ਹੀ ਕਣਕ ਦੀ ਫ਼ਸਲ ਨੁਕਸਾਨੇ ਜਾਣ ਸੰਬੰਧੀ ਪੰਜਾਬ ਸਰਕਾਰ ਵਲੋਂ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਬੇਮੌਸਮੀ ਮੀਂਹ ਕਾਰਨ ਅਬੋਹਰ ਅਤੇ ਬੱਲੂਆਣਾ ਹਲਕੇ ਦੇ ਕਈ ਪਿੰਡਾਂ ਵਿਚ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ | ਜਿਸ ਕਾਰਨ ਪੰਜਾਬ ਸਰਕਾਰ ਨੂੰ ਤੁਰੰਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਜਲਦ ਮੁਆਵਜ਼ਾ ਜਾਰੀ ਕਰਕੇ ਕਿਸਾਨਾਂ ਦੀ ਆਰਥਿਕ ਮਦਦ ਕੀਤੀ ਜਾਣੀ ਚਾਹੀਦੀ ਹੈ |