ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਸਦਰ ਥਾਣਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਫੜੇ ਗਏ ਮੁਲਜ਼ਮ ਕੋਲੋਂ 1 ਕਿੱਲੋ 42 ਗਰਾਮ ਹੈਰੋਇਨ ਬਰਾਮਦ ਹੋਈ ਹੈ | ਪੁਲਿਸ ਅਨੁਸਾਰ ਮੁਲਜ਼ਮ ਪਹਿਲਾਂ ਹੀ ਨਸ਼ਾ ਤਸਕਰੀ ਦੇ ਕੇਸ ਵਿਚ 10 ਸਾਲ ਦੀ ਸਜ਼ਾ ਕੱਟ ਰਿਹਾ ਸੀ ਅਤੇ ਹਾਲ ਹੀ ਵਿਚ ਜ਼ਮਾਨਤ 'ਤੇ ਬਾਹਰ ਆਇਆ ਸੀ | ਸਦਰ ਥਾਣਾ ਫ਼ਾਜ਼ਿਲਕਾ ਦੇ ਐੱਸ. ਐੱਚ. ਓ. ਹਰਦੇਵ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਲਾਧੂਕਾ ਦੇ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ | ਤਲਾਸ਼ੀ ਲੈਣ 'ਤੇ ਉਸ ਕੋਲੋਂ 1 ਕਿੱਲੋ 42 ਗਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਧਵਨ ਸਿੰਘ ਵਾਸੀ ਪਿੰਡ ਚੱਕ ਟਾਹਲੀ ਵਾਲਾ ਵਜੋਂ ਹੋਈ ਹੈ | ਐੱਸ.ਐੱਚ.ਓ. ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਫੜਿਆ ਗਿਆ ਮੁਲਜ਼ਮ ਪੁਰਾਣਾ ਅਪਰਾਧੀ ਹੈ | ਉਹ ਸਾਲ 2021 ਵਿਚ 6 ਕਿੱਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀ ਅਤੇ 10 ਸਾਲ ਦੀ ਕੈਦ ਕੱਟ ਰਿਹਾ ਸੀ | ਸਾਲ 2025 ਵਿਚ ਜ਼ਮਾਨਤ ਮਿਲਣ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆਇਆ ਸੀ ਪਰ ਬਾਹਰ ਆਉਂਦਿਆਂ ਹੀ ਉਸ ਨੇ ਮੁੜ ਨਸ਼ੇ ਦਾ ਗੋਰਖਧੰਦਾ ਸ਼ੁਰੂ ਕਰ ਦਿੱਤਾ | ਇਸ ਤੋਂ ਇਲਾਵਾ ਫ਼ਿਰੋਜ਼ਪੁਰ ਜੇਲ੍ਹ ਵਿਚ ਮੋਬਾਈਲ ਮਿਲਣ ਦੇ ਦੋ ਮਾਮਲੇ ਅਤੇ ਫ਼ਤਿਹਾਬਾਦ ਵਿਚ ਵੀ ਇਕ ਐੱਨ. ਡੀ. ਪੀ. ਐੱਸ. ਮੁਕੱਦਮਾ ਉਸ ਵਿਰੁੱਧ ਦਰਜ ਹੈ | ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਰਿਮਾਂਡ ਹਾਸਲ ਕਰਕੇ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਸਕੇ |