ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਹਤਮੰਦ ਸਰੀਰ ਵਿਚ ਹੀ ਸਿਹਤਮੰਦ ਮਨ ਦਾ ਨਿਵਾਸ ਹੁੰਦਾ ਹੈ ਅਤੇ ਆਪਣੀ ਸਿਹਤ ਪ੍ਰਤੀ ਸੁਚੇਤ ਹੋ ਕੇ ਹੀ ਅਸੀਂ ਬਿਹਤਰ ਭਵਿੱਖ ਦੀ ਉਮੀਦ ਕਰ ਸਕਦੇ ਹਾਂ | ਇਸੇ ਉਦੇਸ਼ ਨਾਲ ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਦੀ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਦੇ ਮੌਕੇ 'ਤੇ ਸਰਕਾਰੀ ਸਮਾਰਟ ਹਾਈ ਸਕੂਲ ਬੰਨਵਾਲਾ ਹਨੂਵੰਤਾ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਡਾ.ਕਵਿਤਾ ਸਿੰਘ ਨੇ ਕਿਹਾ ਕਿ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ 'ਤੇ ਤੰਦਰੁਸਤ ਵਿਅਕਤੀ ਹੀ ਜੀਵਨ ਦਾ ਅਸਲ ਅਨੰਦ ਲੈ ਸਕਦਾ ਹੈ | ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਮਸ਼ੀਨੀ ਯੁੱਗ ਵਿਚ ਲੋਕਾਂ ਦੀ ਜੀਵਨ ਸ਼ੈਲੀ ਬਦਲ ਚੁੱਕੀ ਹੈ | ਸਰੀਰਕ ਮਿਹਨਤ ਘਟਣ ਕਾਰਨ ਬੀ.ਪੀ, ਸ਼ੂਗਰ, ਦਿਲ ਦੇ ਰੋਗ ਅਤੇ ਮਾਨਸਿਕ ਤਣਾਅ ਵਰਗੀਆਂ ਬਿਮਾਰੀਆਂ ਵਧ ਰਹੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਕਸਰਤ, ਯੋਗਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ | ਸੈਮੀਨਾਰ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਟੈਲੀ-ਮਾਨਸ ਐਪ, ਆਭਾ ਆਈ.ਡੀ.ਅਤੇ ਐੱਚ.ਪੀ.ਵੀ. ਵੈਕਸੀਨ ਬਾਰੇ ਵੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਵਿਕਰਾਂਤ ਸਚਦੇਵਾ, ਮੈਡਮ ਕੀਰਤੀ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਦੇਵ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |