ਅਬੋਹਰ, 7 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਕੁਦਰਤੀ ਆਫ਼ਤ ਕਾਰਨ ਪੰਜਾਬ ਦੇ ਕਈ ਪਿੰਡਾਂ ਵਿਚ ਹੋਈ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਦੇ ਨਾਲ ਹੀ ਬੱਲੂਆਣਾ ਹਲਕੇ ਦੇ ਕਈ ਪਿੰਡਾਂ ਵਿਚ ਵੀ ਕਾਫ਼ੀ ਨੁਕਸਾਨ ਹੋਇਆ ਹੈ | ਇਸ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਬੱਲੂਆਣਾ ਹਲਕੇ ਦੇ ਪਿੰਡ ਕਟੈਹੜਾ ਵਿਖੇ ਕਾਂਗਰਸ ਪਾਰਟੀ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਬੀਬੀ ਰਜਿੰਦਰ ਕੌਰ, ਜ਼ਿਲ੍ਹਾ ਉਪ ਪ੍ਰਧਾਨ ਸੁਧੀਰ ਭਾਦੂ, ਬਲਾਕ ਪ੍ਰਧਾਨ ਸ਼ਪਿੰਦਰ ਸਿੰਘ ਜਾਖੜ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸ. ਘੁਬਾਇਆ ਨੇ ਪਿੰਡ ਵਿਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇਗੀ ਅਤੇ ਵਿਸ਼ਵਾਸ ਦਵਾਇਆ ਕਿ ਜਲਦੀ ਪੰਜਾਬ ਅਤੇ ਕੇਂਦਰ ਸਰਕਾਰ 'ਤੇ ਦਬਾਅ ਬਣਾ ਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਦੀ ਮੰਗ ਕੀਤੀ ਜਾਵੇਗੀ | ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਸੰਬੰਧੀ ਤਾਕੀਦ ਵੀ ਕੀਤਾ |