ਅਬੋਹਰ, 7 ਅਪ੍ਰੈਲ (ਵਿਵੇਕ ਹੂੜੀਆ)-ਪਿਛਲੇ ਦਿਨੀਂ ਹੋਈ ਬੇਮੌਸਮੀ ਭਾਰੀ ਬਾਰਸ਼ ਅਤੇ ਗੜੇਮਾਰੀ ਨੇ ਇਲਾਕੇ ਦੇ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ 'ਤੇ ਪਾਣੀ ਫੇਰ ਦਿੱਤਾ ਹੈ | ਫ਼ਸਲਾਂ ਦੇ ਹੋਏ ਇਸ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਥਾਨਕ ਵਿਧਾਇਕ ਸੰਦੀਪ ਜਾਖੜ ਨੇ ਵੱਖ-ਵੱਖ ਪਿੰਡਾਂ ਅਤੇ ਢਾਣੀਆਂ ਦਾ ਤੂਫ਼ਾਨੀ ਦੌਰਾ ਕੀਤਾ ਅਤੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਕੀਤੀ | ਦੌਰੇ ਦੌਰਾਨ ਵਿਧਾਇਕ ਜਾਖੜ ਢਾਣੀ ਡੰਡੇ ਵਾਲੀ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਸਾਨ ਰਾਜ ਕੁਮਾਰ ਦੇ ਖੇਤਾਂ ਵਿਚ ਵਿਛ ਚੁੱਕੀ ਕਣਕ ਦੀ ਫ਼ਸਲ ਦਾ ਨਿਰੀਖਣ ਕੀਤਾ | ਕਿਸਾਨ ਦੇ ਹੌਸਲੇ ਦੀ ਸ਼ਲਾਘਾ ਕਰਦਿਆਂ ਜਾਖੜ ਨੇ ਕਿਹਾ ਮੈਂ ਹਮੇਸ਼ਾ ਅੰਨਦਾਤਾ ਦੀ ਹਿੰਮਤ ਦੇਖ ਕੇ ਹੈਰਾਨ ਰਹਿ ਜਾਂਦਾ ਹਾਂ | ਰਾਜਕੁਮਾਰ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ, ਫਿਰ ਵੀ ਉਹ ਇਸ ਸੰਕਟ ਵਿਚੋਂ ਰਸਤਾ ਕੱਢਣ ਦੀ ਗੱਲ ਕਰ ਰਹੇ ਹਨ | ਵਿਧਾਇਕ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਬਿਨਾਂ ਕਿਸੇ ਦੇਰੀ ਦੇ -ਵਿਸ਼ੇਸ਼ ਗਿਰਦਾਵਰੀ' ਕਰਵਾਈ ਜਾਵੇ | ਉਨ੍ਹਾਂ ਸਪਸ਼ਟ ਕੀਤਾ ਕਿ ਗਿਰਦਾਵਰੀ ਦੀ ਪ੍ਰਕਿਰਿਆ ਉਦੋਂ ਤੱਕ ਪੂਰੀ ਹੋ ਜਾਣੀ ਚਾਹੀਦੀ ਹੈ ਜਦੋਂ ਤੱਕ ਫ਼ਸਲਾਂ ਖੇਤਾਂ ਵਿਚ ਖੜ੍ਹੀਆਂ ਹਨ ਤਾਂ ਜੋ ਨੁਕਸਾਨ ਦਾ ਸਹੀ ਅਤੇ ਪਾਰਦਰਸ਼ੀ ਮੁਲਾਂਕਣ ਹੋ ਸਕੇ | ਉਨ੍ਹਾਂ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਪਿਛਲੇ ਸਾਲ ਵੀ ਬਾਗ਼ਬਾਨਾਂ ਨੂੰ ਭਾਰੀ ਨੁਕਸਾਨ ਹੋਇਆ ਸੀ ਪਰ ਉਸ ਦਾ ਮੁਆਵਜ਼ਾ ਅਜੇ ਤੱਕ ਕਿਸਾਨਾਂ ਦੇ ਖਾਤਿਆਂ ਵਿਚ ਨਹੀਂ ਪਹੁੰਚਿਆ | ਜਾਖੜ ਨੇ ਦੱਸਿਆ ਕਿ ਇਸ ਵਾਰ ਦੀ ਬਾਰਸ਼ ਅਤੇ ਗੜੇਮਾਰੀ ਨੇ ਕਣਕ ਦੇ ਨਾਲ-ਨਾਲ ਕਿੰਨੂ, ਨਾਸ਼ਪਾਤੀ ਅਤੇ ਆੜੂ ਦੇ ਬਾਗ਼ਾਂ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਾਇਆ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਸਬਰ ਦਾ ਹੋਰ ਇਮਤਿਹਾਨ ਨਾ ਲਿਆ ਜਾਵੇ ਅਤੇ ਸਮੇਂ ਸਿਰ ਉਚਿੱਤ ਮੁਆਵਜ਼ਾ ਰਾਸ਼ੀ ਪ੍ਰਦਾਨ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ |