ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਵਿਚ ਹੋਈ ਬੇਮੌਸਮੀ ਬਾਰਸ਼ ਅਤੇ ਗੜੇ੍ਹਮਾਰੀ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ | ਡਿਪਟੀ ਕਮਿਸ਼ਨਰ ਸ੍ਰੀਮਤੀ ਸੰਧੂ ਨੇ ਸਪਸ਼ਟ ਕੀਤਾ ਹੈ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਪਟਵਾਰੀਆਂ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੂੰ ਤੁਰੰਤ ਖੇਤਾਂ ਵਿਚ ਭੇਜ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਅਤੇ ਗੜੇਮਾਰੀ ਕਾਰਨ ਜ਼ਿਲ੍ਹੇ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ | ਹੁਣ ਤੱਕ ਦੀ ਮੁੱਢਲੀ ਰਿਪੋਰਟ ਅਨੁਸਾਰ ਜ਼ਿਲ੍ਹੇ ਦਾ ਲਗਭਗ 40 ਹਜ਼ਾਰ ਏਕੜ ਰਕਬਾ ਇਸ ਕੁਦਰਤੀ ਮਾਰ ਨਾਲ ਪ੍ਰਭਾਵਿਤ ਹੋਇਆ ਹੈ | ਕਈ ਪਿੰਡਾਂ ਵਿਚ ਫ਼ਸਲਾਂ ਦਾ ਨੁਕਸਾਨ 30 ਤੋਂ 50 ਫ਼ੀਸਦੀ ਹੈ ਜਦਕਿ ਕਈ ਥਾਵਾਂ 'ਤੇ ਇਹ ਅੰਕੜਾ 80 ਫ਼ੀਸਦੀ ਤੱਕ ਪਹੁੰਚ ਗਿਆ ਹੈ | ਉਨ੍ਹਾਂ ਕਿਹਾ ਕਿ ਬਾਰਸ਼ ਜਾਰੀ ਰਹਿਣ ਕਾਰਨ ਕਈ ਥਾਵਾਂ 'ਤੇ ਖੇਤਾਂ ਵਿਚ ਜਾਣਾ ਮੁਸ਼ਕਿਲ ਹੋ ਰਿਹਾ ਹੈ ਪਰ ਟੀਮਾਂ ਨੂੰ ਜਲਦ ਰਿਪੋਰਟ ਮੁਕੰਮਲ ਕਰਨ ਲਈ ਕਿਹਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਗਿਰਦਾਵਰੀ ਦੀ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਜੇਕਰ ਕੋਈ ਅਧਿਕਾਰੀ ਡਿਊਟੀ ਵਿਚ ਕੁਤਾਹੀ ਵਰਤਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਟੀਮਾਂ ਵਲੋਂ ਤਿਆਰ ਕੀਤੀ ਗਈ ਅੰਤਿਮ ਰਿਪੋਰਟ ਜਲਦ ਹੀ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ | ਇਸ ਰਿਪੋਰਟ ਦੇ ਆਧਾਰ 'ਤੇ ਸਰਕਾਰ ਵਲੋਂ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਦੇ ਆਰਥਿਕ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ |