ਅਬੋਹਰ, 8 ਅਪ੍ਰੈਲ (ਵਿਵੇਕ ਹੂੜੀਆ)-ਖੂਈਆਂ ਸਰਵਰ ਸਥਿਤ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਵਿਖੇ ਵਿਦਿਆਰਥੀਆਂ ਦੇ ਕੈਰੀਅਰ ਮਾਰਗਦਰਸ਼ਨ ਲਈ ਇਕ ਪ੍ਰਭਾਵਸ਼ਾਲੀ 'ਐਕਸਪਰਟ ਟਾਕ' ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਰਾਜਸਥਾਨ ਦੇ ਸੀਕਰ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਪ੍ਰਸਿੱਧ ਪ੍ਰਤੀਯੋਗੀ ਪ੍ਰੀਖਿਆ ਮਾਹਿਰ ਡੀ.ਸੀ. ਜਾਂਗਿੜ ਅਤੇ ਸ਼੍ਰੀਮਤੀ ਪੂਜਾ ਜਾਂਗਿੜ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਪ੍ਰੋਗਰਾਮ ਦੌਰਾਨ ਮਾਹਿਰਾਂ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ, ਸਹੀ ਟੀਚੇ ਦੀ ਚੋਣ ਅਤੇ ਸਮੇਂ ਦੇ ਪ੍ਰਬੰਧਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਹੀ ਰਣਨੀਤੀ ਅਤੇ ਲਗਾਤਾਰ ਮਿਹਨਤ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ | ਇਹ ਸੈਸ਼ਨ ਸਕੂਲ ਵਲੋਂ ਸ਼ੁਰੂ ਕੀਤੀਆਂ ਗਈਆਂ 'ਇੰਟੀਗ੍ਰੇਟਿਡ ਪ੍ਰੀ-ਫਾਊਾਡੇਸ਼ਨ' ਕਲਾਸਾਂ ਦੇ ਤਹਿਤ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਕੂਲੀ ਪੱਧਰ ਤੋਂ ਹੀ ਭਵਿੱਖ ਦੀਆਂ ਵੱਡੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਹੈ | ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ | ਸੰਸਥਾ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਨੂੰ ਇਕ ਬਿਹਤਰ ਕੈਰੀਅਰ ਲਈ ਮਾਰਗਦਰਸ਼ਨ ਪ੍ਰਦਾਨ ਕਰਨਾ ਵੀ ਹੈ | ਸਕੂਲ ਦੇ ਪਿ੍ੰਸੀਪਲ ਰਵੀ ਕੁਮਾਰ ਨੇ ਦੱਸਿਆ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਦੀ ਸੋਚ ਨੂੰ ਵਿਆਪਕ ਬਣਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਪ੍ਰਤੀ ਗੰਭੀਰ ਕਰਦੇ ਹਨ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਵਿਚ ਭਵਿੱਖ ਨੂੰ ਲੈ ਕੇ ਇੱਕ ਨਵਾਂ ਉਤਸ਼ਾਹ ਦੇਖਣ ਨੂੰ ਮਿਲਿਆ |