ਫ਼ਾਜ਼ਿਲਕਾ, 8 ਅਪ੍ਰੈਲ (ਦਵਿੰਦਰ ਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤਪਾਲ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਾਉਣੀ ਦੀ ਫ਼ਸਲ ਸੰਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 10 ਅਪ੍ਰੈਲ ਨੂੰ ਸ਼ਾਹ ਪੈਲੇਸ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਦਾ ਉਦਘਾਟਨ ਮਾਨਯੋਗ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵਲੋਂ ਕੀਤਾ ਜਾਵੇਗਾ | ਮੇਲੇ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਨਰਿੰਦਰਪਾਲ ਸਿੰਘ ਸਵਨਾ ਅਤੇ ਅਮਨਦੀਪ ਸਿੰਘ ਮੁਸਾਫਿਰ ਸ਼ਿਰਕਤ ਕਰਨਗੇ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਨਾਲ ਸੰਬੰਧਿਤ ਨਵੀਂਆਂ ਤਕਨੀਕਾਂ, ਬੀਜ, ਖਾਦਾਂ ਅਤੇ ਕੀਟ ਨਿਯੰਤਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ | ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲੇ੍ਹ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ ਦਾ ਲਾਭ ਉਠਾਉਣ |