ਫ਼ਾਜ਼ਿਲਕਾ, 8 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜਨਗਣਨਾ 2027 ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਤਿਆਰੀਆਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਡੀ.ਸੀ ਕੰਪਲੈਕਸ ਫ਼ਾਜ਼ਿਲਕਾ ਦੇ ਮੀਟਿੰਗ ਹਾਲ ਵਿਖੇ ਮਕਾਨ ਸੂਚੀਕਰਣ ਅਤੇ ਮਕਾਨਾਂ ਦੀ ਗਿਣਤੀ ਸਬੰਧੀ ਫ਼ੀਲਡ ਟਰੇਨਰਾਂ ਦੀ 3 ਰੋਜ਼ਾ ਟਰੇਨਿੰਗ ਦੀ ਸ਼ੁਰੂਆਤ ਕੀਤੀ ਗਈ | ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ ਮਨਦੀਪ ਕੌਰ ਵਲੋਂ ਸਾਰੇ 35 ਫ਼ੀਲਡ ਟਰੇਨਰਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮਾਂ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਅਤੇ ਜ਼ਿੰਮੇਵਾਰੀ ਪੂਰੀ ਨਿਸ਼ਠਾ ਅਤੇ ਸਮੇਂ ਸਿਰ ਨਿਭਾਈਆਂ ਜਾਣ | ਜਨਗਣਨਾ ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਪਹਿਲੇ ਫ਼ੇਜ਼ ਤਹਿਤ ਤਿੰਨ ਦਿਨਾਂ ਵਿਸ਼ੇਸ਼ ਟਰੇਨਿੰਗ ਤਹਿਤ ਸੈਂਸਸ ਵਿਭਾਗ ਚੰਡੀਗੜ੍ਹ ਤੋਂ ਟਰੇਨਿੰਗ ਪ੍ਰਾਪਤ ਕਰਕੇ ਆਏ ਮਾਸਟਰ ਟਰੇਨਰ ਫ਼ਾਜ਼ਿਲਕਾ ਲੈਕਚਰਾਰ ਸੰਦੀਪ ਅਨੇਜਾ ਅਤੇ ਫ਼ਿਰੋਜ਼ਪੁਰ ਤੋਂ ਲੈਕਚਰਾਰ ਸੁਖਜਿੰਦਰ ਸਿੰਘ ਵਲੋਂ ਇਸ ਟਰੇਨਿੰਗ ਵਿਚ 35 ਫ਼ੀਲਡ ਟਰੇਨਰਾਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ |ਜਨਗਣਨਾ 2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਪੈ੍ਰਕਟੀਕਲ ਤੌਰ ਤੇ ਟਰੇਨਿੰਗ ਦਿੱਤੀ ਗਈ | ਟਰੇਨਿੰਗ ਦੌਰਾਨ ਦੱਸਿਆ ਗਿਆ ਕਿ ਪੰਜਾਬ ਰਾਜ ਵਿਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ | ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ | ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵਲੋਂ 30 ਅਪ੍ਰੈਲ ਤੋਂ 14 ਮਈ 2026 ਤੱਕ 15 ਦਿਨ ਲਈ ਪੋਰਟਲ ਖੋਲਿ੍ਹਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰ ਸਕੇਗਾ | ਇਸ ਮੌਕੇ ਹਰਜਿੰਦਰ ਸਿੰਘ ਡਿਪਟੀ ਈ.ਐੱਸ.ਏ-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫ਼ਸਰ ਅਤੇ ਉਨ੍ਹਾਂ ਦਾ ਦਫ਼ਤਰੀ ਸਟਾਫ਼, ਜ਼ਿਲ੍ਹਾ ਸੈਂਸਜ਼ ਸੈੱਲ ਤੋਂ ਵਿਵੇਕ ਕਟਾਰੀਆ, ਅਸ਼ੀਸ਼ ਗੁੰਬਰ, ਵਰਿੰਦਰ ਨਾਰੰਗ ਹਾਜ਼ਰ ਸਨ |