ਅਬੋਹਰ, 9 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਹਰਸ਼ ਕੁਮਾਰ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਨੇੜੇ ਗਸ਼ਤ ਉੱਪਰ ਜਾ ਰਹੇ ਸਨ ਤਾਂ ਇਸ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਆ ਰਹੇ ਸਨ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ | ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਪੁੱਛ ਪੜਤਾਲ ਕੀਤੀ ਤਾਂ ਉਹ ਮੋਟਰਸਾਈਕਲ ਬਾਰੇ ਠੋਸ ਜਾਣਕਾਰੀ ਨਾ ਦੇ ਸਕੇ ਅਤੇ ਨਾ ਹੀ ਉਨ੍ਹਾਂ ਪਾਸ ਮੋਟਰਸਾਈਕਲ ਦੇ ਕੋਈ ਕਾਗ਼ਜ਼ ਮੌਜੂਦ ਸਨ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਬੋਹੜ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਦੋਵੇਂ ਵਾਸੀ ਪਿੰਡ ਢਿੱਪਾਂਵਾਲੀ ਤਹਿਸੀਲ ਫ਼ਾਜ਼ਿਲਕਾ ਵਜੋਂ ਹੋਈ | ਨਗਰ ਥਾਣਾ ਇਕ ਦੀ ਪੁਲਿਸ ਵਲੋਂ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |