ਫ਼ਾਜ਼ਿਲਕਾ, 10 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਬਰਾਂਚ ਫ਼ਾਜ਼ਿਲਕਾ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਖ਼ੁਸ਼ਹਾਲ ਚੰਦ ਦੀ ਪ੍ਰਧਾਨਗੀ ਹੇਠ ਫ਼ਾਜ਼ਿਲਕਾ ਵਿਖੇ ਹੋਈ | ਇਸ ਮੀਟਿੰਗ ਵਿਚ ਯੂਨੀਅਨ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਦੀਸ਼ ਰਾਮ, ਗੁਰਪ੍ਰੀਤ ਕੁਮਾਰ, ਨਿਰਮਲ ਸਿੰਘ ਅਤੇ ਸੰਦੀਪ ਕੁਮਾਰ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ | ਉਨ੍ਹਾਂ ਰੋਸ ਪ੍ਰਗਟਾਇਆ ਕਿ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ 'ਤੇ ਵਿਭਾਗ ਵਿਚ ਸ਼ਾਮਲ ਕੀਤਾ ਜਾਵੇ, ਮੁਲਾਜ਼ਮਾਂ ਦੀਆਂ ਬਕਾਇਆ ਮੰਗਾਂ ਅਤੇ ਪੇਅ-ਕਮਿਸ਼ਨ ਦੀਆਂ ਰਿਪੋਰਟਾਂ ਨੂੰ ਲਾਗੂ ਕੀਤਾ ਜਾਵੇ | ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜਗਦੀਸ਼ ਚੰਦਰ, ਪਿ੍ਥਵੀ ਰਾਜ, ਜੋਗਿੰਦਰ ਸਿੰਘ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ |