ਫ਼ਾਜ਼ਿਲਕਾ, 10 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਦਿੱਗਜ ਆਗੂ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਸਥਾਨਕ ਸਰਕਾਰੀ ਹਸਪਤਾਲ ਵਿਖੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ | ਇਸ ਦੌਰਾਨ ਉਨ੍ਹਾਂ ਸਰਕਾਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਵਿਚ ਲੋਕਾਂ ਨਾਲ ਸ਼ਰੇਆਮ ਧੱਕੇਸ਼ਾਹੀ ਹੋ ਰਹੀ ਹੈ ਅਤੇ ਸਰਕਾਰੀ ਹਸਪਤਾਲ ਤੇ ਪੁਲਿਸ ਸਟੇਸ਼ਨ ਹੁਣ 'ਕਸਾਈਖਾਨਿਆਂ' ਦਾ ਰੂਪ ਧਾਰਨ ਕਰ ਚੁੱਕੇ ਹਨ | ਸਾਬਕਾ ਮੰਤਰੀ ਜਿਆਣੀ ਨੇ ਦੋਸ਼ ਲਾਇਆ ਕਿ ਫ਼ਾਜ਼ਿਲਕਾ ਵਿਚ ਸੱਤਾਧਾਰੀ ਧਿਰ ਦੀ ਸ਼ਹਿ 'ਤੇ ਝੂਠੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਐੱਮ.ਐੱਲ.ਆਰ. ਕੱਟਣ ਅਤੇ ਮੈਡੀਕਲ ਰਿਪੋਰਟ ਬਣਾਉਣ ਦੇ ਨਾਂ 'ਤੇ ਮੋਟੀਆਂ ਰਕਮਾਂ ਦੀ ਮੰਗ ਕੀਤੀ ਜਾ ਰਹੀ ਹੈ | ਉਨ੍ਹਾਂ ਮੁਤਾਬਿਕ, ਭਾਜਪਾ ਦੇ ਇਕ ਸਥਾਨਕ ਆਗੂ 'ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ, ਜਿਸ ਵਿਰੁੱਧ ਉਹ ਆਵਾਜ਼ ਉਠਾ ਰਹੇ ਹਨ | ਜਿਆਣੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੈਡੀਕਲ ਬੋਰਡ ਗਠਿਤ ਕਰਨ ਦੀ ਮੰਗ ਕੀਤੀ ਸੀ ਪਰ ਦੂਜੀ ਧਿਰ ਦਾ ਵਿਅਕਤੀ ਬੋਰਡ ਸਾਹਮਣੇ ਪੇਸ਼ ਨਹੀਂ ਹੋ ਰਿਹਾ ਕਿਉਂਕਿ ਉਹ ਝੂਠਾ ਹੈ ਅਤੇ ਪੁਲਿਸ-ਹਸਪਤਾਲ ਪ੍ਰਸ਼ਾਸਨ ਨਾਲ ਮਿਲਿਆ ਹੋਇਆ ਹੈ | ਉਨ੍ਹਾਂ ਸਥਾਨਕ ਵਿਧਾਇਕ 'ਤੇ ਗੁੰਡਾਗਰਦੀ ਨੂੰ ਹੱਲਾਸ਼ੇਰੀ ਦੇਣ ਅਤੇ ਪ੍ਰਸ਼ਾਸਨ ਨੂੰ ਆਪਣੇ ਇਸ਼ਾਰਿਆਂ 'ਤੇ ਨਚਾਉਣ ਦੇ ਦੋਸ਼ ਵੀ ਲਾਏ | ਸੁਰਜੀਤ ਕੁਮਾਰ ਜਿਆਣੀ ਨੇ ਐਲਾਨ ਕੀਤਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਹ ਚੁੱਪ ਨਹੀਂ ਬੈਠਣਗੇ | ਉਨ੍ਹਾਂ ਕਿਹਾ ਕਿ ਜਲਦ ਹੀ ਸਰਕਾਰੀ ਹਸਪਤਾਲ ਤੋਂ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਤੱਕ ਰੋਸ ਯਾਤਰਾ ਕੱਢੀ ਜਾਵੇਗੀ ਅਤੇ ਐੱਸ.ਐੱਸ.ਪੀ. ਦਫ਼ਤਰ ਅੱਗੇ ਅਨਿਸ਼ਚਿਤ ਸਮੇਂ ਲਈ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਸਾਫ਼ ਕੀਤਾ ਕਿ ਜਦੋਂ ਤੱਕ ਝੂਠੇ ਪਰਚੇ ਰੱਦ ਨਹੀਂ ਹੁੰਦੇ, ਭਾਜਪਾ ਸੰਘਰਸ਼ ਜਾਰੀ ਰੱਖੇਗੀ |