ਫ਼ਾਜ਼ਿਲਕਾ, 11 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਪਿੰਡ ਲਾਲੋ ਵਾਲੀ ਦੇ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਐਫ.ਸੀ.ਆਈ.ਦਾ ਇਕ ਮੁਲਾਜ਼ਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਮੁਲਾਜ਼ਮ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਜਾਣਕਾਰੀ ਦਿੰਦਿਆਂ ਜ਼ਖ਼ਮੀ ਪੂਰਨ ਸਿੰਘ ਦੇ ਪੋਤੇ ਵੰਸ਼ ਨੇ ਦੱਸਿਆ ਕਿ ਉਸ ਦੇ ਦਾਦਾ, ਜੋ ਕਿ ਐਫ.ਸੀ.ਆਈ.ਵਿਚ ਤਾਇਨਾਤ ਹਨ, ਆਪਣੀ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਰਾਣਾ ਸਥਿਤ ਆਪਣੇ ਘਰ ਜਾ ਰਹੇ ਸਨ | ਜਦੋਂ ਉਹ ਲਾਲੋ ਵਾਲੀ ਮੋੜ ਦੇ ਕੋਲ ਇਕ ਪੈਟਰੋਲ ਪੰਪ ਦੇ ਨਜ਼ਦੀਕ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਭਿਆਨਕ ਸੀ ਕਿ ਪੂਰਨ ਸਿੰਘ ਸੜਕ 'ਤੇ ਡਿਗ ਗਏ ਅਤੇ ਉਨ੍ਹਾਂ ਦੇ ਸਿਰ ਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ | ਹਸਪਤਾਲ ਦੇ ਡਾਕਟਰਾਂ ਅਨੁਸਾਰ ਜ਼ਖ਼ਮੀ ਦੇ ਸਿਰ ਵਿਚ ਡੂੰਘੀ ਸੱਟ ਲੱਗਣ ਕਾਰਨ ਟਾਂਕੇ ਲਗਾਏ ਗਏ ਹਨ | ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਦਾ ਸਿਟੀ ਸਕੈਨ ਕਰਵਾਇਆ ਜਾ ਰਿਹਾ ਹੈ | ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਹਾਲਤ ਵਿਚ ਸੁਧਾਰ ਨਾ ਹੋਇਆ ਤਾਂ ਮਰੀਜ਼ ਨੂੰ ਉੱਚ ਸੈਂਟਰ ਰੈਫ਼ਰ ਕੀਤਾ ਜਾ ਸਕਦਾ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਫ਼ਿਲਹਾਲ ਟੱਕਰ ਮਾਰਨ ਵਾਲੇ ਮੋਟਰਸਾਈਕਲ ਸਵਾਰ ਦੇ ਪਰਿਵਾਰ ਨਾਲ ਗੱਲਬਾਤ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਪੁਲਿਸ ਕੋਲ ਪਹੁੰਚ ਕਰਕੇ ਕਾਨੂੰਨੀ ਕਾਰਵਾਈ ਕਰਵਾਉਣਗੇ | ਘਟਨਾ ਬਾਰੇ ਪੁਲਿਸ ਨੂੰ ਵੀ ਸੂਚਿਤ ਕੀਤਾ ਜਾ ਰਿਹਾ ਹੈ |