ਫ਼ਾਜ਼ਿਲਕਾ, 12 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਖੇਤੀਬਾੜੀ ਡਾ.ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੁਆਇੰਟ ਡਾਇਰੈਕਟਰ ਖੇਤੀਬਾੜੀ (ਪਸਾਰ ਅਤੇ ਸਿਖਲਾਈ) ਡਾ.ਕਰਨਜੀਤ ਸਿੰਘ ਗਿੱਲ ਵਲੋਂ ਸਾਉਣੀ ਦੀਆਂ ਫ਼ਸਲਾਂ ਦੀ ਸੁਚਾਰੂ ਬਿਜਾਈ ਅਤੇ ਅਗੇਤੇ ਪ੍ਰਬੰਧਾਂ ਦੇ ਸਬੰਧ ਵਿਚ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਟਾਫ਼ ਨੂੰ ਸਾਉਣੀ ਦੇ ਸੀਜ਼ਨ ਲਈ ਲੋੜੀਂਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਨਿਰਦੇਸ਼ ਦਿੱਤੇ ਗਏ | ਇਸ ਮੌਕੇ ਨਰਮੇ ਦੀ ਫ਼ਸਲ ਦੀ ਸਹੀ ਸਮੇਂ ਸਿਰ ਬਿਜਾਈ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਉੱਨਤ ਬੀਜਾਂ ਦੀ ਵਰਤੋਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ | ਮੀਟਿੰਗ ਵਿਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਕਿਸਾਨ ਰਜਿਸਟਰੀ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਗਈ | ਇਸ ਦੇ ਨਾਲ ਹੀ ਪੀ.ਐਮ.ਡੀ.ਡੀ.ਕੇ.ਵਾਈ. (ਪ੍ਰਧਾਨ ਮੰਤਰੀ ਧਨ ਧਾਨਿਆ ਕਿ੍ਸ਼ੀ ਯੋਜਨਾ) ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ | ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |