ਅਬੋਹਰ, 13 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਵਿਧਾਨ ਸਭਾ ਵਿਚ ਬੇਅਦਬੀ ਸੋਧ ਬਿੱਲ ਪੇਸ਼ ਕਰ ਅਤੇ ਉਸ ਨੂੰ ਪਾਸ ਕਰ ਬਹੁਤ ਹੀ ਵਧੀਆ ਅਤੇ ਸ਼ਲਾਘਾਯੋਗ ਫ਼ੈਸਲਾ ਲਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਕਮੇਟੀ ਦੇ ਚੇਅਰਮੈਨ ਅਤੇ ਸਥਾਨਕ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਦੀ ਕਮੇਟੀ ਦੇ ਮੁੱਖ ਸਲਾਹਕਾਰ ਦਲਜੀਤ ਸਿੰਘ ਸੰਧੂ ਨੇ ਕਿਹਾ ਕਿ ਬੀਤੇ ਇਕ ਦਹਾਕੇ ਤੋਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ ਉਨ੍ਹਾਂ ਨੂੰ ਰੋਕਣ ਲਈ ਸਖ਼ਤ ਸਜਾਵਾਂ ਵਾਲੇ ਕਾਨੂੰਨ ਦੀ ਬੇਹੱਦ ਲੋੜ ਸੀ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ ਲਿਆ ਕੇ ਇਸ ਨੂੰ ਪਾਸ ਕਰਕੇ ਸੰਗਤਾਂ ਦਾ ਦਿਲ ਜਿੱਤ ਲਿਆ ਹੈ | ਉਨ੍ਹਾਂ ਕਿਹਾ ਕਿ ਇਸ ਨਵੇਂ ਕਾਨੂੰਨ ਵਿਚ ਜੋ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀਆਂ ਲਈ 5 ਲੱਖ ਤੋਂ 25 ਰੁਪਏ ਦਾ ਜੁਰਮਾਨਾ ਅਤੇ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਬਾਰੇ ਫ਼ੈਸਲਾ ਲਿਆ ਗਿਆ ਹੈ, ਅਜਿਹਾ ਹੀ ਸਖ਼ਤ ਫ਼ੈਸਲਾ ਲੈਣ ਦੀ ਲੋੜ ਸੀ | ਉਨ੍ਹਾਂ ਨੇ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੀ ਪ੍ਰਬੰਧਕੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਦੀ ਪ੍ਰਬੰਧਕੀ ਕਮੇਟੀ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ |