ਫ਼ਾਜ਼ਿਲਕਾ, 15 ਅਪ੍ਰੈਲ(ਦਵਿੰਦਰ ਪਾਲ ਸਿੰਘ)-ਭਾਰਤ ਰਤਨ ਅਤੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਗੋਲ ਚੌਂਕ ਵਿਖੇ ਉਨ੍ਹਾਂ ਦਾ ਆਦਮ ਕੱਦ ਬੁੱਤ ਸਥਾਪਿਤ ਕੀਤਾ ਗਿਆ ਜਿਸ ਦਾ ਉਦਘਾਟਨ ਸਥਾਨਕ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਪਤਨੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਨੇ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ | ਇਸ ਮੌਕੇ ਬਾਬਾ ਸਾਹਿਬ ਦੀ ਪ੍ਰਤਿਮਾ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਆਪਣੇ ਸੰਬੋਧਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਡਾ: ਭੀਮ ਰਾਓ ਅੰਬੇਦਕਰ ਦੇ ਪਾਏ ਹੋਏ ਪੂਰਨਿਆਂ 'ਤੇ ਹੀ ਦੇਸ਼ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਪਰਪਿਤ ਕੀਤਾ | ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਵੱਲੋਂ ਬਣਾਏ ਸੰਵਿਧਾਨ ਸਦਕਾ ਹੀ ਅੱਜ ਸਾਰਾ ਦੇਸ਼ ਵਿਕਾਸ ਦੀਆਂ ਲੀਹਾਂ ਵੱਲ ਚੱਲ ਰਿਹਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਨੂੰ ਉੱਪਰ ਚੁੱਕਣ ਤੇ ਆਤਮ ਨਿਰਭਰ ਬਣਾਉਣ ਲਈ ਡਾ. ਅੰਬੇਦਕਰ ਵੱਲੋਂ ਅਹਿਮ ਪਹਿਲ ਕਦਮੀਆਂ ਕੀਤੀਆਂ ਗਈਆਂ ਤੇ ਸਭ ਤੋਂ ਵੱਡਾ ਸੰਵਿਧਾਨ ਲਿਖ ਕੇ ਦੇਸ਼ ਵਾਸੀਆਂ ਨੂੰ ਭਾਰਤੀ ਹੋਣ ਦਾ ਮਾਣ ਮਹਿਸੂਸ ਕਰਵਾਇਆ |