ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਹੈ | ਫ਼ਾਜ਼ਿਲਕਾ ਵਿਖੇ ਹੋਈ ਇਕ ਅਹਿਮ ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਨੇ ਐਲਾਨ ਕੀਤਾ ਕਿ 21 ਅਪ੍ਰੈਲ ਦਿਨ ਮੰਗਲਵਾਰ ਨੂੰ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਅਧਿਆਪਕ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਕੋਠੀ ਦਾ ਘਿਰਾਓ ਕਰਨਗੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਨੀਲ ਫ਼ਾਜ਼ਿਲਕਾ ਨੇ ਕਿਹਾ ਕਿ 'ਆਮ ਆਦਮੀ ਪਾਰਟੀ' ਦੀ ਸਰਕਾਰ ਬਣੀ ਨੂੰ 4 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਪਰ ਪ੍ਰਾਇਮਰੀ ਵਰਗ ਵਿਚ ਈ.ਟੀ.ਟੀ ਦੀ ਇੱਕ ਵੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪਿਛਲੀਆਂ ਸਰਕਾਰਾਂ ਵੇਲੇ ਕੱਢੇ ਗਏ ਇਸ਼ਤਿਹਾਰਾਂ 'ਤੇ ਹੀ ਆਪਣੀ ਮੋਹਰ ਲਗਾ ਕੇ ਬੇਰੁਜ਼ਗਾਰਾਂ ਨੂੰ ਗੁਮਰਾਹ ਕਰ ਰਹੀ ਹੈ | ਯੂਨੀਅਨ ਆਗੂਆਂ ਨੇ ਦੱਸਿਆ ਕਿ ਬਹੁਤ ਸਾਰੇ ਉਮੀਦਵਾਰ 3 ਤੋਂ 4 ਵਾਰ ਪੀ.ਐੱਸ.ਟੈਟ ਪਾਸ ਕਰ ਚੁੱਕੇ ਹਨ, ਪਰ ਰੁਜ਼ਗਾਰ ਨਾ ਮਿਲਣ ਕਾਰਨ ਉਹ ਉਮਰ ਹੱਦ ਟੱਪਣ ਦੇ ਕਿਨਾਰੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਟਾਲ-ਮਟੋਲ ਵਾਲੀਆਂ ਨੀਤੀਆਂ ਕਾਰਨ ਪੜ੍ਹੇ-ਲਿਖੇ ਨੌਜਵਾਨਾਂ ਨੂੰ ਟੈਂਕੀਆਂ ਅਤੇ ਟਾਵਰਾਂ 'ਤੇ ਚੜ੍ਹਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਸੂਬਾ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਜੇਕਰ ਵਿਧਾਇਕ ਗੋਲਡੀ ਕੰਬੋਜ ਜਾਂ ਸਰਕਾਰ ਨੇ ਤੁਰੰਤ ਨਵੀਂ ਭਰਤੀ ਦਾ ਮਸਲਾ ਹੱਲ ਨਾ ਕੀਤਾ, ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੱਤਾਧਾਰੀ ਧਿਰ ਨੂੰ ਬੇਰੁਜ਼ਗਾਰਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਹੁਣ ਉਹ ਚੁੱਪ ਨਹੀਂ ਬੈਠਣਗੇ ਅਤੇ ਪੰਜਾਬ ਭਰ ਵਿਚ ਵਿਧਾਇਕਾਂ ਦੇ ਘਿਰਾਓ ਤੇ ਰੈਲੀਆਂ ਭੰਗ ਕਰਨ ਦਾ ਸਿਲਸਿਲਾ ਜਾਰੀ ਰਹੇਗਾ | ਇਸ ਮੌਕੇ ਜਨਰਲ ਸਕੱਤਰ ਰਣਜੀਤ ਸਿੰਘ, ਸਲਾਹਕਾਰ ਸਲਵਿੰਦਰ ਸਿੰਘ ਅਤੇ ਸਕੱਤਰ ਆਕਾਸ਼ਦੀਪ ਸਮੇਤ ਹੋਰ ਕਈ ਆਗੂ ਹਾਜ਼ਰ ਸਨ |