ਫ਼ਿਰੋਜ਼ਪੁਰ, 16 ਅਪ੍ਰੈਲ (ਗੁਰਿੰਦਰ ਸਿੰਘ)- ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਦੂਰ-ਦੂਰ ਤੋਂ ਆਪਣੀ ਫ਼ਸਲ ਲੈ ਕੇ ਆਏ ਕਿਸਾਨ ਕਈ ਦਿਨਾਂ ਤੋਂ ਮੰਡੀਆਂ ਵਿਚ ਬੈਠੇ ਹਨ ਪਰ ਅਜੇ ਤੱਕ ਖ਼ਰੀਦ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕੀ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਨੇ ਫ਼ਿਰੋਜ਼ਪੁਰ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਨ ਅਤੇ ਕਿਸਾਨਾਂ ਨਾਲ ਮੁਲਾਕਾਤ ਤੋਂ ਬਾਅਦ ਕਹੀ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਖ਼ਰੀਦ ਦੇ ਪੂਰੇ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਨਜ਼ਰ ਆ ਰਹੀ ਹੈ | ਮੰਡੀਆਂ ਵਿਚ ਨਾ ਤਾਂ ਢੰਗ ਨਾਲ ਖ਼ਰੀਦ ਹੋ ਰਹੀ ਹੈ ਅਤੇ ਨਾ ਹੀ ਪ੍ਰਬੰਧ ਸੁਚੱਜੇ ਹਨ, ਜਿਸ ਕਾਰਨ ਕਿਸਾਨਾਂ ਨੂੰ ਖ਼ੱਜਲ਼-ਖ਼ੁਆਰ ਹੋਣਾ ਪੈ ਰਿਹਾ ਹੈ | ਸ੍ਰ ਨੰਨੂ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਹੀ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ ਅਤੇ ਮੌਸਮ ਦੀ ਮਾਰ ਦਾ ਖ਼ਤਰਾ ਵੀ ਬਣਿਆ ਹੋਇਆ ਹੈ, ਜਿਸ ਨਾਲ ਫ਼ਸਲ ਖ਼ਰਾਬ ਹੋਣ ਦੀ ਸੰਭਾਵਨਾ ਵੱਧ ਰਹੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਮਜ਼ਦੂਰਾਂ ਦੀ ਘਾਟ ਅਤੇ ਟਰਾਂਸਪੋਰਟ ਦੀ ਕਮੀ ਖ਼ਰੀਦ ਪ੍ਰਕਿਰਿਆ ਵਿਚ ਵੱਡੀ ਰੁਕਾਵਟ ਬਣ ਰਹੀ ਹੈ | ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਕਿਹਾ ਹੈ ਕਿ ਜਲਦੀ ਤੋਂ ਜਲਦੀ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਜਾਵੇ ਅਤੇ ਮੰਡੀਆਂ ਵਿਚ ਸੁਚੱਜੇ ਪ੍ਰਬੰਧ ਕੀਤੇ ਜਾਣ | ਸੁਖਪਾਲ ਸਿੰਘ ਨੰਨੂ ਨੇ ਦੱਸਿਆ ਕਿ ਇਸ ਸਬੰਧੀ ਸਥਾਨਕ ਅਧਿਕਾਰੀਆਂ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਮਾਮਲਾ ਉੱਚ ਪੱਧਰ 'ਤੇ ਉਠਾਇਆ ਗਿਆ ਹੈ ਅਤੇ ਜਲਦੀ ਹੀ ਖ਼ਰੀਦ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਦੀ ਮੰਡੀ ਵਿਚ ਕਈ ਦਿਨਾਂ ਤੋਂ ਪਈ ਕਣਕ ਦੀ ਕਿਸੇ ਵਲੋਂ ਸੰਭਾਲ ਨਹੀਂ ਕੀਤੀ ਜਾ ਰਹੀ, ਜਿਸ ਨਾਲ ਕਿਸਾਨ ਨਿਰਾਸ਼ ਹਨ | ਉਨ੍ਹਾਂ ਕਿਹਾ ਕਿ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਬਾਪੂ ਬਾਦਲ ਦੇ ਸਮੇਂ ਨੂੰ ਯਾਦ ਕਰ ਰਹੇ ਹਨ | ਸੁਖਪਾਲ ਸਿੰਘ ਨੰਨੂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨਾਲ ਮਿਲ ਕੇ ਮੰਡੀਆਂ ਵਿਚ ਪਈ ਕਣਕ ਦੀ ਤੁਰੰਤ ਖ਼ਰੀਦ ਲਈ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਉਣਗੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ |