ਅਬੋਹਰ, 17 ਅਪ੍ਰੈਲ (ਵਿਵੇਕ ਹੂੜੀਆ)-ਸਥਾਨਕ ਰੇਲਵੇ ਸਟੇਸ਼ਨ ਦੇ ਨਜ਼ਦੀਕ ਪਲੇਟੀ 'ਤੇ ਅੱਜ ਦੁਪਹਿਰ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ 20 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਜਾ (20) ਪੁੱਤਰ ਤਰਸੇਮ, ਵਾਸੀ ਈਦਗਾਹ ਬਸਤੀ, ਗਲੀ ਨੰਬਰ 0 ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਾ ਮਜ਼ਦੂਰੀ ਦਾ ਕੰਮ ਕਰਦਾ ਸੀ | ਅੱਜ ਦੁਪਹਿਰ ਕਰੀਬ 1 ਵਜੇ ਜਦੋਂ ਉਹ ਰੇਲਵੇ ਪਲੇਟੀ 'ਤੇ ਆਉਣ ਵਾਲੇ ਮਾਲ ਦੀ ਨਿਗਰਾਨੀ ਕਰ ਰਿਹਾ ਸੀ ਤਾਂ ਅਚਾਨਕ ਰੇਲਗੱਡੀ ਆ ਗਈ | ਗੁੰਗਾ-ਬੋਲਾ ਹੋਣ ਕਾਰਨ ਉਸ ਨੂੰ ਗੱਡੀ ਦਾ ਹਾਰਨ ਸੁਣਾਈ ਨਹੀਂ ਦਿੱਤਾ ਅਤੇ ਉਹ ਰੇਲਗੱਡੀ ਦੀ ਲਪੇਟ ਵਿਚ ਆ ਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਹਾਦਸੇ ਦੀ ਸੂਚਨਾ ਮਿਲਦੇ ਹੀ ਜੀ.ਆਰ.ਪੀ. ਪੁਲਿਸ ਦੇ ਮੁਲਾਜ਼ਮ ਬਲਦੇਵ ਸਿੰਘ ਮੌਕੇ 'ਤੇ ਪਹੁੰਚੇ ਅਤੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਬਿੱਟੂ ਨਰੂਲਾ ਤੇ ਸੋਨੂੰ ਦੀ ਮਦਦ ਨਾਲ ਉਕਤ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਇਸ ਘਟਨਾ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਮਿ੍ਤਕ ਦੇ ਇੱਕ ਭਰਾ ਦੀ ਪਹਿਲਾਂ ਹੀ ਬਿਮਾਰੀ ਕਾਰਨ ਮੌਤ ਹੋ ਚੁੱਕੀ ਸੀ ਅਤੇ ਹੁਣ ਉਹ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ | ਮਿ੍ਤਕ ਦੇ ਮਾਤਾ-ਪਿਤਾ ਵੀ ਦਿਹਾੜੀ-ਮਜ਼ਦੂਰੀ ਕਰਦੇ ਹਨ | ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |