ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰੰਭੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਤੋਂ 2 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਸ ਖੇਤਰ ਵਿਚ ਹੁਣ ਤੋਂ ਹੀ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਣਕ ਦਾ ਨਾੜ ਸਾੜਨ ਨਾਲ ਵਾਤਾਵਰਨ ਉੱਪਰ ਹੋਣ ਵਾਲੇ ਮਾਰੂ ਪ੍ਰਭਾਵਾਂ ਅਤੇ ਅੱਗ ਲਗਾਉਣ ਨਾਲ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਜਾਗਰੂਕਤਾ ਮੁਹਿੰਮ ਫ਼ਾਜ਼ਿਲਕਾ ਦੇ ਹਰੇਕ ਪਿੰਡ ਵਿਚ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਰਵਾਨਾ ਕੀਤੀਆਂ ਗਈਆਂ ਇਹ 2 ਪ੍ਰਚਾਰ ਵੈਨਾਂ ਜ਼ਿਲ੍ਹੇ ਦੇ ਹਰ ਪਿੰਡ ਵਿਚ ਪਹੁੰਚ ਕੇ 20 ਦਿਨ ਲੋਕਾਂ ਨੂੰ ਕਣਕ ਦਾ ਨਾੜ ਨਾ ਸਾੜਨ ਪ੍ਰਤੀ ਜਾਗਰੂਕ ਕਰੇਗੀ | ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫ਼ਸਲ ਵੱਢਣ ਉਪਰੰਤ ਬਚੀ ਰਹਿੰਦ ਖੂੰਹਦ (ਨਾੜ) ਨੂੰ ਜ਼ਮੀਨ ਵਿਚ ਹੀ ਵਾਹੁਣ ਅਜਿਹਾ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਅਗਲੀ ਫ਼ਸਲ ਦਾ ਝਾੜ ਵੀ ਵਧੇਗਾ | ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੀ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦੇ ਹਨ ਤਾਂ ਇਸ ਤੋਂ ਉਪਜੇ ਧੰੂਏਾ ਨਾਲ ਅਨੇਕਾਂ ਪ੍ਰਕਾਰ ਦੀਆਂ ਚਮੜੀ ਤੇ ਸਾਹ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਤੇ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ ਸੋ ਕਿਸਾਨ ਵੀਰ ਆਪਣੀਆਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ. ਹਰਬੰਸ ਸਿੰਘ ਸਿੱਧੂ, ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ, ਏ.ਡੀ ਓ ਡਾ. ਹਰਵਿੰਦਰ ਸਿੰਘ, ਏ.ਡੀ.ਓ ਡਾ. ਪਰਵਿੰਦਰ ਸਿੰਘ, ਇੰਜ ਕਮਲ ਕਿ੍ਸ਼ਨ ਏ.ਏ.ਈ, ਅਤੇ ਹਰਪ੍ਰੀਤ ਸਿੰਘ ਜੂਨੀਅਰ ਤਕਨੀਸ਼ੀਅਨ ਹਾਜ਼ਰ ਸਨ |