ਅਬੋਹਰ, 18 ਅਪ੍ਰੈਲ (ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਵਿੱਢੀ 'ਪੰਜਾਬ ਸਿੱਖਿਆ ਕ੍ਰਾਂਤੀ' ਅਤੇ 'ਬਦਲਦਾ ਪੰਜਾਬ' ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਲਗਾਤਾਰ ਬਦਲੀ ਜਾ ਰਹੀ ਹੈ | ਇਸੇ ਲੜੀ ਤਹਿਤ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ 'ਗੋਲਡੀ ਮੁਸਾਫਿਰ' ਵਲੋਂ ਸਰਕਾਰੀ ਹਾਈ ਸਮਾਰਟ ਸਕੂਲ ਸ਼ੇਰਗੜ੍ਹ ਵਿਖੇ ਨਵੇਂ ਬਣੇ ਕਮਰਿਆਂ ਅਤੇ ਹਾਈਟੈੱਕ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਇਕ ਵੱਡਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁੱਝ ਮਹੀਨਿਆਂ ਵਿਚ ਹਰੇਕ ਸਕੂਲ ਵਿਚ 5-5 ਸਪਲਿਟ ਏ.ਸੀ.ਲਗਵਾਏ ਜਾਣਗੇ ਤਾਂ ਜੋ ਗਰਮੀ ਦੇ ਮੌਸਮ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਕਾਨਵੈਂਟ ਸਕੂਲਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ | ਇਸ ਉਦਘਾਟਨੀ ਸਮਾਰੋਹ ਵਿਚ ਵਿਧਾਇਕ ਦੀ ਟੀਮ ਤੋਂ ਇਲਾਵਾ ਸਕੂਲ ਦੇ ਹੈੱਡਮਾਸਟਰ ਗੁਰਮੇਲ ਸਿੰਘ, ਸਮੂਹ ਸਟਾਫ਼, ਪਿੰਡ ਦੇ ਸਰਪੰਚ ਟਿੱਕੂ ਰਾਮ, ਗਰਾਮ ਪੰਚਾਇਤ ਮੈਂਬਰ, ਐੱਸ.ਐੱਮ.ਸੀ. ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ | ਸਕੂਲ ਪ੍ਰਬੰਧਕਾਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ |