ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪਿੰਡ ਸੁਰੇਸ਼ ਵਾਲਾ ਵਿਖੇ ਚੋਰਾਂ ਵਲੋਂ ਇਕ ਸੁੰਨੇ ਘਰ ਨੂੰ ਦਿਨ-ਦਿਹਾੜੇ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਉਸ ਵੇਲੇ ਵਾਪਰੀ ਜਦੋਂ ਪਰਿਵਾਰ ਪਿੰਡ ਦੇ ਸਰਪੰਚ ਦੀ ਮਾਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ | ਪੀੜਤ ਪਰਿਵਾਰ ਦੇ ਮੈਂਬਰ ਸੰਦੀਪ ਕੁਮਾਰ ਨੇ ਦੱਸਿਆ ਕਿ ਘਰ ਦੇ ਜ਼ਿਆਦਾਤਰ ਮੈਂਬਰ ਅੰਤਿਮ ਸੰਸਕਾਰ 'ਤੇ ਗਏ ਸਨ ਅਤੇ ਉਸ ਦੀ ਭਾਬੀ ਵੀ ਕੁੱਝ ਕੰਮ ਲਈ ਦੂਜੇ ਘਰ ਚਲੀ ਗਈ ਸੀ | ਘਰ ਨੂੰ ਜਿੰਦਰਾ ਲੱਗਿਆ ਹੋਇਆ ਸੀ | ਗਲੀ ਵਿਚ ਖੇਡ ਰਹੇ ਬੱਚਿਆਂ ਨੇ ਦੱਸਿਆ ਕਿ ਇਸੇ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਆਏ ਅਤੇ ਘਰ ਦੇ ਅੰਦਰ ਦਾਖਲ ਹੋ ਗਏ | ਜਦੋਂ ਪਰਿਵਾਰ ਵਾਪਸ ਆਇਆ ਤਾਂ ਦੇਖਿਆ ਕਿ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰੋਂ ਸੋਨੇ ਦੇ ਗਹਿਣੇ ਅਤੇ ਕਰੀਬ 8 ਹਜ਼ਾਰ ਰੁਪਏ ਦੀ ਨਕਦੀ ਗ਼ਾਇਬ ਸੀ | ਸੰਦੀਪ ਅਨੁਸਾਰ ਇਸ ਚੋਰੀ ਕਾਰਨ ਉਨ੍ਹਾਂ ਦਾ ਕਰੀਬ 3 ਤੋਂ 4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ ਕੈਮਰੇ ਖੰਘਾਲੇ ਜਾ ਰਹੇ ਹਨ ਅਤੇ ਬੱਚਿਆਂ ਕੋਲੋਂ ਚੋਰਾਂ ਦੇ ਹੁਲੀਏ ਬਾਰੇ ਜਾਣਕਾਰੀ ਲਈ ਗਈ ਹੈ |