ਅਬੋਹਰ, 20 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾ ਕੇ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਲਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਕਾਨੂੰਨੀ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਵਕੀਲ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੀਤੇ ਇਕ ਦਹਾਕੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ | ਬੇਅਦਬੀ ਘਟਨਾਵਾਂ ਨੂੰ ਸੁਣ ਕੇ ਸ਼ਰਧਾਲੂਆਂ ਦੇ ਮਨਾਂ ਨੂੰ ਬਹੁਤ ਭਾਰੀ ਠੇਸ ਪਹੁੰਚਦੀ ਸੀ | ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਸਜ਼ਾਵਾਂ ਵਾਲੇ ਕਾਨੂੰਨ ਦੀ ਬੇਹੱਦ ਲੋੜ ਸੀ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ ਵਿਧਾਨ ਸਭਾ 'ਚ ਪਾਸ ਕਰਕੇ ਅਤੇ ਇਹ ਸਖ਼ਤ ਸਜ਼ਾਵਾਂ ਵਾਲਾ ਕਾਨੂੰਨ ਬਣਾ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ | ਉਨ੍ਹਾਂ ਇਹ ਸਖ਼ਤ ਕਾਨੂੰਨ ਬਣਾਏ ਜਾਣ 'ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੱੁਚੀ ਸਰਕਾਰ ਦਾ ਧੰਨਵਾਦ ਕੀਤਾ ਹੈ |