ਜਲਾਲਾਬਾਦ,21ਅਪ੍ਰੈਲ(ਜਤਿੰਦਰ ਪਾਲ ਸਿੰਘ)-ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਰਿਹਾਇਸ਼ ਦੇ ਸਾਹਮਣੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇਅ 'ਤੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ ¢ ਰੋਸ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੱਕੇ ਰੁਜ਼ਗਾਰ ਦੀ ਮੰਗ ਕੀਤੀ¢ ਆਗੂਆਂ ਨੇ ਕਿਹਾ ਕਿ ਚੋਣਾਂ ਵੇਲੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ¢ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਾਂ ਤਾਂ ਸਾਨੂੰ ਰੁਜ਼ਗਾਰ ਦਿਓ ਜਾਂ ਸਾਨੂੰ ਗੋਲੀ ਮਾਰ ਦਿਓ ਕਿਉਂਕਿ ਸੜਕਾਂ 'ਤੇ ਧੱਕੇ ਖਾਣਾ ਹੁਣ ਬਰਦਾਸ਼ਤ ਤੋਂ ਬਾਹਰ ਹੋ ਗਿਆ ਹੈ¢ ਉਨ੍ਹਾਂ ਸਿੱਖਿਆ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਵਾਰ-ਵਾਰ ਮੀਟਿੰਗਾਂ ਦਾ ਭਰੋਸਾ ਦਿੱਤਾ ਜਾਂਦਾ ਹੈ ਪਰ ਕੋਈ ਠੋਸ ਹੱਲ ਨਹੀਂ ਕੱਢਿਆ ਜਾਂਦਾ¢ ਧਰਨੇ ਕਾਰਨ ਫ਼ਿਰੋਜ਼ਪੁਰ - ਫ਼ਾਜ਼ਿਲਕਾ ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹਾਲਾਂਕਿ ਯੂਨੀਅਨ ਦੇ ਮੈਂਬਰਾਂ ਨੇ ਸਿਰਫ਼ ਐਂਬੂਲੈਂਸ ਵਰਗੇ ਐਮਰਜੈਂਸੀ ਵਾਹਨਾਂ ਨੂੰ ਲੰਘਣ ਦੀ ਇਜਾਜ਼ਤ ਦਿੱਤੀ¢ ਯੂਨੀਅਨ ਦੇ ਆਗੂਆਂ ਨੇ ਆਪਣਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਨੇ ਆਪਣੀ ਮਿਹਨਤ ਦੀ ਕਮਾਈ ਅਤੇ ਲੱਖਾਂ ਰੁਪਏ ਲਗਾ ਕੇ ਉਨ੍ਹਾਂ ਨੂੰ ਪੜ੍ਹਾਇਆ-ਲਿਖਾਇਆ ਹੈ, ਪਰ ਅੱਜ ਉਹ ਡਿਗਰੀਆਂ ਲੈ ਕੇ ਸੜਕਾਂ 'ਤੇ ਬੈਠਣ ਲਈ ਮਜਬੂਰ ਹਨ¢ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਉਹ ਸੰਘਰਸ਼ ਕਰ ਰਹੇ ਹਨ ਅਤੇ ਸੰਗਰੂਰ ਤੋਂ ਲੈ ਕੇ ਹੋਰ ਸ਼ਹਿਰਾਂ ਤੱਕ ਚੱਕਰ ਕੱਟ ਚੁੱਕੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ¢ ਉਨ੍ਹਾਂ ਸਪਸ਼ਟ ਕੀਤਾ ਕਿ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਘਰ ਨੇੜੇ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੋਈ ਸੀਨੀਅਰ ਅਧਿਕਾਰੀ ਜਾਂ ਵਿਧਾਇਕ ਖ਼ੁਦ ਆ ਕੇ ਉਨ੍ਹਾਂ ਨਾਲ ਗੱਲ ਨਹੀਂ ਕਰਦੇ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਦੇ¢ ਪ੍ਰਦਰਸ਼ਨਕਾਰੀਆਂ ਨੇ ਆਪਣੀ ਇੱਕਜੁੱਟਤਾ ਦਿਖਾਉਂਦੇ ਹੋਏ ਕਿਹਾ ਕਿ ਉਹ ਹਟਣ ਵਾਲੇ ਨਹੀਂ ਹਨ ਅਤੇ ਆਪਣੀ ਮਜ਼ਬੂਤੀ ਬਣਾਈ ਰੱਖਣਗੇ¢