ਜਲਾਲਾਬਾਦ, 22 ਅਪ੍ਰੈਲ (ਕਰਨ ਚੁਚਰਾ)-ਪੰਜਾਬ ਮੰਡੀ ਬੋਰਡ ਵਲੋਂ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਉਪਜ ਦੀ ਖ਼ਰੀਦੋ-ਫ਼ਰੋਖ਼ਤ ਲਈ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ | ਬੋਰਡ ਵਲੋਂ ਜਾਰੀ ਤਾਜ਼ਾ ਨੋਟੀਫ਼ਿਕੇਸ਼ਨ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਆਉਂਦੀ ਮਾਰਕੀਟ ਕਮੇਟੀ ਜਲਾਲਾਬਾਦ ਦੇ ਖੇਤਰ ਵਿਚ ਇਕ ਨਵਾਂ ਖ਼ਰੀਦ ਕੇਂਦਰ ਘੋਸ਼ਿਤ ਕੀਤਾ ਗਿਆ ਹੈ | ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਇੱਥੇ ਕੀਤਾ | ਉਨ੍ਹਾਂ ਕਿਹਾ ਕਿ ਨਵਾਂ ਖ਼ਰੀਦ ਕੇਂਦਰ ਪਿੰਡ ਚੱਕ ਸੋਹਣਾ ਸਾਂਦੜ ਵਿਖੇ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ 'ਦੀ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਐਕਟ, 1961' ਦੀ ਧਾਰਾ 13(1) (ਏ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਲਿਆ ਗਿਆ ਹੈ | ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਇਸ ਨਵੇਂ ਖ਼ਰੀਦ ਕੇਂਦਰ ਦੇ ਖੁੱਲਣ ਨਾਲ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ, ਸਟੋਰ ਕਰਨ ਅਤੇ ਪ੍ਰੋਸੈਸਿੰਗ ਲਈ ਦੂਰ ਨਹੀਂ ਜਾਣਾ ਪਵੇਗਾ | ਉਨ੍ਹਾਂ ਕਿਹਾ ਕਿ ਇਸ ਸਬੰਧੀ ਅਮਲ ਲਈ ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿੱਤ ਵਲੋਂ ਜਾਰੀ ਇਸ ਹੁਕਮ ਦੀਆਂ ਕਾਪੀਆਂ ਸਬੰਧਿਤ ਵਿਭਾਗਾਂ, ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲੋੜੀਂਦੀ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ | ਇਸ ਫ਼ੈਸਲੇ ਨਾਲ ਮੰਡੀਆਂ ਵਿਚ ਫ਼ਸਲ ਦੀ ਆਮਦ ਦੌਰਾਨ ਲੱਗਣ ਵਾਲੀ ਭੀੜ ਘਟੇਗੀ ਅਤੇ ਖ਼ਰੀਦ ਪ੍ਰਕਿਰਿਆ ਵਿਚ ਹੋਰ ਤੇਜ਼ੀ ਆਉਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਜੋ ਜੋ ਵਾਅਦਾ ਜਲਾਲਾਬਾਦ ਹਲਕੇ ਦੇ ਲੋਕਾਂ ਨਾਲ ਮੈ ਕੀਤਾ ਸੀ, ਮੈ ਇਕ ਇਕ ਕਰਕੇ ਉਹ ਵਾਅਦਾ ਪੂਰ ਚੜ੍ਹਾਇਆ ਹੈ ਅਤੇ ਅੱਗੇ ਵੀ ਲੋਕਾਂ ਦੀ ਸੇਵਾ ਵਿਚ ਦਿਨ ਰਾਤ ਹਾਜ਼ਰ ਰਹਾਂਗਾ |