ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਵਿਚ 'ਧਰਤੀ ਦਿਵਸ' ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ | ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਕਰਵਾਏ ਗਏ ਇਸ ਸਮਾਗਮ ਵਿਚ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਰਹਿਨੁਮਾਈ ਹੇਠ ਵੱਖ-ਵੱਖ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿਚ ਧਰਤੀ ਨੂੰ ਬਚਾਉਣ ਅਤੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਦਾ ਸੰਦੇਸ਼ ਦਿੱਤਾ ਗਿਆ | ਇਸ ਦੌਰਾਨ ਕਵਿਤਾ ਉਚਾਰਨ, ਪੋਸਟਰ ਮੇਕਿੰਗ ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਰਾਹੀਂ ਜਲ ਸੰਭਾਲ, ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਸਫ਼ਾਈ ਦੀ ਮਹੱਤਤਾ 'ਤੇ ਚਾਨਣਾ ਪਾਇਆ | ਸਕੂਲ ਕੈਂਪਸ ਵਿਚ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ ਅਤੇ ਵਿਦਿਆਰਥੀਆਂ ਨੇ ਇਨ੍ਹਾਂ ਪੌਦਿਆਂ ਦੀ ਦੇਖਭਾਲ ਕਰਨ ਦਾ ਪ੍ਰਣ ਲਿਆ | ਇਸ ਮੌਕੇ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਸਲੋਗਨ ਪੋਸਟਰ ਤਿਆਰ ਕੀਤੇ ਅਤੇ ਨਾਅਰਿਆਂ ਰਾਹੀਂ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ | ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਈਕੋ-ਫਰੈਂਡਲੀ ਵਸਤੂਆਂ, ਮਾਡਲ ਅਤੇ ਸਲੋਗਨ ਚਾਰਟ ਬਣਾਏ | ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੇ ਮੁੱਦਿਆਂ 'ਤੇ ਵਰਕਿੰਗ ਮਾਡਲ ਪੇਸ਼ ਕੀਤੇ ਅਤੇ ਇੱਕ ਪ੍ਰਭਾਵਸ਼ਾਲੀ ਨਾਟਕ ਰਾਹੀਂ ਸੁਨੇਹਾ ਦਿੱਤਾ | ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਕੈਂਪਸ ਵਿਚ ਸਫ਼ਾਈ ਮੁਹਿੰਮ ਚਲਾ ਕੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਨੇ ਕਿਹਾ ਕਿ ਧਰਤੀ ਸਾਡਾ ਇੱਕੋ-ਇੱਕ ਘਰ ਹੈ ਅਤੇ ਇਸ ਦੀ ਰੱਖਿਆ ਕਰਨਾ ਸਾਡੀ ਸਭ ਦੀ ਸਮੂਹਿਕ ਜ਼ਿੰਮੇਵਾਰੀ ਹੈ | ਇਸ ਮੌਕੇ ਚੇਅਰਮੈਨ ਰਮਨ ਕੁਮਾਰ ਵਾਟਸ, ਪਿ੍ੰਸੀਪਲ ਸੰਗੀਤਾ ਤਿੰਨਾ, ਡਾਇਰੈਕਟਰ ਦੀਪਕ ਸ਼ਰਮਾ ਅਤੇ ਵਾਈਸ ਪਿ੍ੰਸੀਪਲ ਸੀਮਾ ਧੀਂਗੜਾ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਧਰਤੀ ਨੂੰ ਹਰਿਆ-ਭਰਿਆ ਰੱਖਣ ਲਈ ਪ੍ਰੇਰਿਤ ਕੀਤਾ |