ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਕੇਰੀਆਂ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਰਜਨੀ ਦੀ ਯੋਗ ਅਗਵਾਈ ਹੇਠ 'ਵਿਸ਼ਵ ਧਰਤੀ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਜਾਗਰੂਕ ਕੀਤਾ ਗਿਆ | ਸਵੇਰ ਦੀ ਸਭਾ ਦੌਰਾਨ ਵਿਗਿਆਨ ਅਧਿਆਪਕਾ ਜਸਬੀਰ ਕੌਰ ਨੇ ਮੌਜੂਦਾ ਸਮੇਂ ਵਿਚ ਵਧ ਰਹੀ ਗਲੋਬਲ ਵਾਰਮਿੰਗ ਦੀ ਸਮੱਸਿਆ 'ਤੇ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਵਾਤਾਵਰਨ ਵਿਚ ਆ ਰਹੇ ਬਦਲਾਅ ਮਨੁੱਖੀ ਹੋਂਦ ਲਈ ਖ਼ਤਰਾ ਹਨ, ਜਿਸ ਲਈ ਸਾਨੂੰ ਹੁਣ ਤੋਂ ਹੀ ਸਾਰਥਿਕ ਕਦਮ ਚੁੱਕਣੇ ਪੈਣਗੇ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਆਪਣੀ ਕਲਾ ਰਾਹੀਂ 'ਧਰਤੀ ਬਚਾਓ, ਜੀਵਨ ਬਚਾਓ' ਅਤੇ 'ਜਲ ਸੰਭਾਲ' ਵਰਗੇ ਮਹੱਤਵਪੂਰਨ ਸੰਦੇਸ਼ ਦਿੱਤੇ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵਾਤਾਵਰਨ ਸਬੰਧੀ ਇੱਕ ਵਿਸ਼ੇਸ਼ ਵੈਬੀਨਾਰ ਵਿਚ ਵੀ ਹਿੱਸਾ ਲਿਆ | ਮੁੱਖ ਅਧਿਆਪਕਾ ਸ੍ਰੀਮਤੀ ਰਜਨੀ ਨੇ ਬੱਚਿਆਂ ਨੂੰ ਪਲਾਸਟਿਕ ਦਾ ਤਿਆਗ ਕਰਨ ਅਤੇ ਆਪਣੇ ਹਰ ਜਨਮ ਦਿਨ 'ਤੇ ਘੱਟੋ-ਘੱਟ ਇੱਕ ਪੌਦਾ ਲਗਾਉਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਦੀ ਸਹੁੰ ਚੁੱਕੀ |