ਅਬੋਹਰ, 24 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਸ਼ੇਰੇ-ਏ-ਪੰਜਾਬ ਕਿਸਾਨ ਯੂਨੀਅਨ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੂੰ ਮੰਗ ਪੱਤਰ ਸੌਂਪਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਫ਼ਦ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਸੰਬੰਧੀ ਮੰਗ ਪੱਤਰ ਵੀ ਸੌਂਪਿਆ ਹੈ | ਜਿਸ ਵਿਚ ਪਿਛਲੇ 2 ਮਹੀਨਿਆਂ ਤੋਂ ਝੱਖੜ, ਮੀਂਹ, ਗੜਿਆਂ ਅਤੇ ਅੱਗ ਲੱਗਣ ਨਾਲ ਲੱਖਾਂ ਏਕੜ ਕਣਕ ਦਾ ਜੋ ਨੁਕਸਾਨ ਹੋਇਆ ਹੈ | ਉਸ ਦੇ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਤਾਂ ਦਿੱਤੇ ਗਏ ਹਨ ਪਰ ਹਾਲੇ ਤੱਕ ਗਿਰਦਾਵਰੀ ਪੂਰੀ ਨਹੀਂ ਹੋਈ | ਜਦ ਕਿ ਕਿਸਾਨਾਂ ਨੇ ਫ਼ਸਲ ਦੀ ਕਟਾਈ ਵੀ ਕਰ ਲਈ ਹੈ | ਇਸ ਲਈ ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਝਾੜ ਅਨੁਸਾਰ 100 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ, ਬਲਾਕ ਮੀਤ ਪ੍ਰਧਾਨ ਰਮਨਪ੍ਰੀਤ ਸਿੰਘ, ਇਕਾਈ ਪ੍ਰਧਾਨ ਦੌਲਤ ਰਾਮ, ਸਰਬਜੀਤ ਸਿੰਘ ਪੱਕੀ, ਮਨੋਜ ਕੁਮਾਰ ਕੰਧਵਾਲਾ, ਦੀਪਕ ਰਾਮਸਰਾ ਆਦਿ ਕਿਸਾਨ ਆਗੂ ਹਾਜ਼ਰ ਸਨ |