ਅਬੋਹਰ, 25 ਅਪ੍ਰੈਲ (ਵਿਵੇਕ ਹੂੜੀਆ)-ਅਬੋਹਰ ਦੇ ਪੇਂਡੂ ਇਲਾਕਿਆਂ ਵਿਚ ਪਿਛਲੇ ਕਈ ਦਿਨਾਂ ਤੋਂ ਨਹਿਰੀ ਪਾਣੀ ਦੇ ਅਤਿ ਦੂਸ਼ਿਤ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਗੰਭੀਰ ਸਥਿਤੀ ਨੂੰ ਲੈ ਕੇ ਭਾਜਪਾ ਆਗੂ ਵੰਦਨਾ ਸਾਂਗਵਾਲ ਨੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ | ਉਨ੍ਹਾਂ ਕਿਹਾ ਕਿ ਨਹਿਰਾਂ ਵਿਚ ਆ ਰਿਹਾ ਪਾਣੀ ਨਾ ਤਾਂ ਇਨਸਾਨਾਂ ਦੇ ਪੀਣ ਯੋਗ ਹੈ ਅਤੇ ਨਾ ਹੀ ਪਸ਼ੂਆਂ ਲਈ ਸੁਰੱਖਿਅਤ | ਵੰਦਨਾ ਸਾਂਗਵਾਲ ਨੇ ਦੱਸਿਆ ਕਿ ਕਣਕ ਦੀ ਕਟਾਈ ਦੇ ਸੀਜ਼ਨ ਕਾਰਨ ਪਿੰਡਾਂ ਵਿਚ ਬਿਜਲੀ ਦੇ ਲੰਬੇ ਕੱਟ ਲਗਾਏ ਜਾ ਰਹੇ ਹਨ | ਭਿਆਨਕ ਗਰਮੀ ਦੇ ਇਸ ਦੌਰ ਵਿਚ ਬਿਜਲੀ ਨਾ ਹੋਣ ਕਾਰਨ ਲੋਕ ਮੋਟਰਾਂ ਚਲਾ ਕੇ ਜ਼ਮੀਨੀ ਪਾਣੀ ਵੀ ਨਹੀਂ ਭਰ ਪਾ ਰਹੇ | ਦੂਜੇ ਪਾਸੇ, ਵਾਟਰ ਵਰਕਸ ਰਾਹੀਂ ਘਰਾਂ ਵਿਚ ਸਪਲਾਈ ਕੀਤਾ ਜਾ ਰਿਹਾ ਗੰਦਾ ਪਾਣੀ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ, ਜਿਸ ਕਾਰਨ ਇਲਾਕੇ ਵਿਚ ਸਿਹਤ ਸੰਕਟ ਪੈਦਾ ਹੋਣ ਦਾ ਖ਼ਤਰਾ ਬਣ ਗਿਆ ਹੈ | ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੁੱਧ ਪਾਣੀ ਦੀ ਸਪਲਾਈ ਦਾ ਜੋ ਵਾਅਦਾ ਕੀਤਾ ਸੀ, ਉਹ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਇਆ ਹੈ | ਫ਼ਾਜ਼ਿਲਕਾ ਖੇਤਰ ਵਿਚ ਵਾਟਰ ਟਰੀਟਮੈਂਟ ਪਲਾਂਟਾਂ ਦਾ ਨਿਰਮਾਣ ਕਈ ਸਾਲਾਂ ਤੋਂ ਲਟਕ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ੁੱਧ ਪਾਣੀ ਦੀ ਸਪਲਾਈ ਦੇ ਪ੍ਰਬੰਧ ਤੁਰੰਤ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਇਸ ਬੁਨਿਆਦੀ ਲੋੜ ਲਈ ਜੂਝਣਾ ਨਾ ਪਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ |