ਫ਼ਾਜ਼ਿਲਕਾ, 2 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਪਾਬੰਦੀਆਂ 30 ਜੂਨ ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਹੁਕਮ ਰਾਹੀਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿੱਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿੰਮ ਕਾਰਡ ਰੱਖਣ ਅਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਜ਼ਿਲ੍ਹਾ ਫ਼ਾਜ਼ਿਲਕਾ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ |ਹੁਕਮ ਰਾਹੀਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿੱਲੋਮੀਟਰ ਦੇ ਏਰੀਏ ਵਿਚ ਕਵਾਡ ਕਾਪਟਰ, ਡਰੋਨ ਕੈਮਰੇ ਆਦਿ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ 'ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਫ਼ਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ, ਪਟਾਕੇ ਚਲਾਉਣ ਅਤੇ ਲੇਜ਼ਰ ਲਾਈਟਾਂ ਦਾ ਇਸਤੇਮਾਲ ਕਰਨ ਤੇ ਵੀ ਰੋਕ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ | ਜ਼ਿਲੇ੍ਹ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ | ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖ਼ਰੀਦ, ਵੇਚਣ ਅਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ | ਇਕ ਹੋਰ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8ਗੁਣਾ 13 ਆਕਾਰ ਤੋਂ ਘੱਟ ਅਤੇ ਨਿਰਧਾਰਿਤ ਰੰਗ ਤੋਂ ਬਗੈਰ ਦੇ ਅਲੱਗ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਬਣਾਉਣ ਵਰਤੋਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ | ਇਸ ਤੋਂ ਇਲਾਵਾ ਇਹ ਲਿਫ਼ਾਫ਼ੇ/ਸੀਵਰੇਜ ਜਾਂ ਪਬਲਿਕ ਸਥਾਨਾਂ 'ਤੇ ਸੁੱਟਣ ਦੀ ਵੀ ਪਾਬੰਦੀ ਲਗਾਈ ਜਾਂਦੀ ਹੈ | ਜ਼ਿਲ੍ਹੇ ਅੰਦਰ ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜ਼ਿਲ੍ਹਾ ਮੈਜਿਸਟਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ 'ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ.ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ੍ਹ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਬੀ.ਐੱਸ.ਐਫ. ਦੇ ਅਧਿਕਾਰੀਆਂ ਵਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁੱਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ੍ਹ, ਤੋਰੀਆ, ਸੂਰਜਮੁਖੀ ਅਤੇ 4.5 ਫ਼ੁੱਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ |