ਫ਼ਾਜ਼ਿਲਕਾ, 2 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲਾਲਾਬਾਦ ਹਲਕੇ ਵਿਚ ਵਿਕਾਸ ਦੀ ਗਤੀ ਨੂੰ ਤੇਜ਼ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਵੱਖ-ਵੱਖ ਪਿੰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ | ਇਸ ਦੌਰਾਨ ਉਨ੍ਹਾਂ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ ਅਤੇ ਸਿੰਚਾਈ ਪ੍ਰਬੰਧਾਂ ਦਾ ਆਗਾਜ਼ ਕੀਤਾ, ਉੱਥੇ ਹੀ ਸਿੱਖਿਆ ਖੇਤਰ ਲਈ ਵੀ ਵੱਡੀਆਂ ਗਰਾਂਟਾਂ ਦਾ ਐਲਾਨ ਕੀਤਾ | ਵਿਧਾਇਕ ਗੋਲਡੀ ਕੰਬੋਜ ਵਲੋਂ ਪਿੰਡ ਬੰਨ ਵਾਲਾ, ਡੱਬ ਵਾਲਾ ਤੋਂ ਚਾਹਲਾਂ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ | ਜਿਸ 'ਤੇ ਲਗਭਗ 1 ਕਰੋੜ 8 ਲੱਖ ਰੁਪਏ ਖ਼ਰਚ ਕੀਤੇ ਜਾਣਗੇ | ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਕਈ ਪਿੰਡਾਂ ਦੀ ਆਵਾਜਾਈ ਸੁਖਾਲੀ ਹੋਵੇਗੀ | ਇਸ ਤੋਂ ਇਲਾਵਾ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਜੋੜਕੀ ਅੰਧੇ ਵਾਲਾ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੱਕੇ ਨਹਿਰੀ ਖਾਲ ਦਾ ਨੀਂਹ ਪੱਥਰ ਵੀ ਰੱਖਿਆ ਗਿਆ | ਸਿੱਖਿਆ ਖੇਤਰ ਵਿਚ ਸੁਧਾਰ ਲਿਆਉਂਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਸਰਕਾਰੀ ਪ੍ਰਾਇਮਰੀ ਸਕੂਲ ਮੰਮੂ ਖੇੜਾ ਦੇ ਵਿਕਾਸ ਲਈ 26 ਲੱਖ 40 ਹਜ਼ਾਰ ਰੁਪਏ ਦੀ ਗਰਾਂਟ ਮਨਜ਼ੂਰ ਕੀਤੀ | ਇਸ ਦੇ ਨਾਲ ਹੀ ਪਿੰਡ ਕੰਧ ਵਾਲਾ ਹਾਜ਼ਰ ਖਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਨਵੇਂ ਬਣੇ ਕਮਰਿਆਂ, ਚਾਰਦੀਵਾਰੀ ਅਤੇ ਹੋਰ ਕੰਮਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਪਹਿਲ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਵਿਕਾਸ ਦੇ ਹੋਰ ਵੀ ਵੱਡੇ ਕੰਮ ਕੀਤੇ ਜਾਣਗੇ | ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲ ਮੁਖੀ, ਪੰਚ-ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ |