ਅਬੋਹਰ, 5 ਮਈ (ਵਿਵੇਕ ਹੂੜੀਆ)-ਵਿਧਾਇਕ ਸੰਦੀਪ ਜਾਖੜ ਨੇ ਅਬੁਲ ਖੁਰਾਨਾ ਡਰੇਨ ਦਾ ਅਚਨਚੇਤ ਦੌਰਾ ਕਰਕੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ | ਡਰੇਨ ਦੀ ਮਾੜੀ ਹਾਲਤ ਅਤੇ ਸਫ਼ਾਈ ਦੇ ਮਾੜੇ ਪ੍ਰਬੰਧਾਂ ਨੂੰ ਦੇਖ ਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ 'ਤੇ ਤਿੱਖੇ ਨਿਸ਼ਾਨੇ ਸਾਧੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਡਰੇਨਾਂ ਦੀ ਸਫ਼ਾਈ ਅਤੇ ਮਜ਼ਬੂਤੀ ਦੇ ਕੀਤੇ ਜਾ ਰਹੇ ਦਾਅਵੇ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਹਨ, ਜਦਕਿ ਹਕੀਕਤ ਵਿਚ ਸਥਿਤੀ ਬੇਹੱਦ ਡਰਾਉਣੀ ਹੈ | ਦੌਰੇ ਦੌਰਾਨ ਵਿਧਾਇਕ ਜਾਖੜ ਨੇ ਦੇਖਿਆ ਕਿ ਡਰੇਨ ਵਿਚ ਜਗਾ-ਜਗਾ ਜੰਗਲੀ ਘਾਹ ਅਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਪਾਣੀ ਦੀ ਨਿਕਾਸੀ ਪੂਰੀ ਤਰ੍ਹਾਂ ਪ੍ਰਭਾਵਿਤ ਹੋਣ ਦਾ ਖ਼ਤਰਾ ਹੈ | ਉਨ੍ਹਾਂ ਕਿਹਾ ਕਿ ਡਰੇਨ ਦੇ ਕਿਨਾਰੇ ਵੀ ਕਮਜ਼ੋਰ ਹੋ ਚੁੱਕੇ ਹਨ, ਜੋ ਕਿਸੇ ਵੀ ਸਮੇਂ ਟੁੱਟ ਸਕਦੇ ਹਨ | ਜਾਖੜ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਾਨਸੂਨ ਦੌਰਾਨ ਭਾਰੀ ਬਾਰਿਸ਼ ਹੁੰਦੀ ਹੈ, ਤਾਂ ਇਸ ਲਾਪਰਵਾਹੀ ਕਾਰਨ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਸਕਦੀ ਹੈ ਅਤੇ ਰਿਹਾਇਸ਼ੀ ਇਲਾਕਿਆਂ 'ਚ ਪਾਣੀ ਵੜਨ ਨਾਲ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ਼ਤਿਹਾਰਬਾਜ਼ੀ ਛੱਡ ਕੇ ਤੁਰੰਤ ਜੰਗੀ ਪੱਧਰ 'ਤੇ ਡਰੇਨਾਂ ਦੀ ਸਫ਼ਾਈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕੀਤਾ ਜਾਵੇ | ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਸਮੇਂ ਸਿਰ ਕਦਮ ਨਾ ਚੁੱਕੇ ਗਏ ਅਤੇ ਕੋਈ ਨੁਕਸਾਨ ਹੋਇਆ, ਤਾਂ ਇਸ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਦੇ ਅਧਿਕਾਰੀ ਜ਼ਿੰਮੇਵਾਰ ਹੋਣਗੇ |