ਅਬੋਹਰ, 6 ਮਈ (ਵਿਵੇਕ ਹੂੜੀਆ)-ਅਬੋਹਰ ਦੀ ਨਵੀਂ ਆਬਾਦੀ ਵੱਡੀ ਪੌੜੀ ਵਾਲੀ ਗਲੀ ਨੰਬਰ ਇਕ 'ਚ ਪਿਛਲੇ ਕਾਫ਼ੀ ਸਮੇਂ ਤੋਂ ਸੀਵਰੇਜ ਸਿਸਟਮ ਜਾਮ ਹੋਣ ਕਾਰਨ ਗੰਦਾ ਪਾਣੀ ਗਲੀਆਂ 'ਚ ਜਮ੍ਹਾ ਹੈ | ਇਸ ਸਮੱਸਿਆ ਦਾ ਹੱਲ ਨਾ ਹੋਣ ਤੋਂ ਗ਼ੁੱਸੇ ਵਿਚ ਆਏ ਇਲਾਕਾ ਨਿਵਾਸੀਆਂ ਨੇ ਸਮਾਜ ਸੁਧਾਰ ਸਭਾ ਦੇ ਪ੍ਰਧਾਨ ਰਾਜੇਸ਼ ਗੁਪਤਾ ਦੀ ਅਗਵਾਈ ਹੇਠ ਬਾਜ਼ਾਰ ਨੰਬਰ 9 ਨੇੜੇ ਅੰਬੇਡਕਰ ਚੌਕ ਵਿਚ ਧਰਨਾ ਲਗਾ ਕੇ ਚੱਕਾ ਜਾਮ ਕਰ ਦਿੱਤਾ | ਧਰਨੇ ਨੂੰ ਸੰਬੋਧਨ ਕਰਦਿਆਂ ਰਾਜੇਸ਼ ਗੁਪਤਾ ਅਤੇ ਰਜਤ ਲੂਥਰਾ ਨੇ ਦੱਸਿਆ ਕਿ ਵੱਡੀ ਪੌੜੀ ਦੀ ਗਲੀ ਨੰਬਰ-1 'ਚ ਸੀਵਰੇਜ ਦੀ ਸਮੱਸਿਆ ਪਿਛਲੇ ਕਈ ਸਾਲਾਂ ਤੋਂ ਬਣੀ ਹੋਈ ਹੈ | ਬਿਨਾਂ ਬਰਸਾਤ ਦੇ ਵੀ ਗਲੀਆਂ ਗੰਦੇ ਪਾਣੀ ਨਾਲ ਭਰੀਆਂ ਰਹਿੰਦੀਆਂ ਹਨ, ਜਿਸ ਕਾਰਨ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਈ ਵਾਰ ਨਿਗਮ ਅਧਿਕਾਰੀਆਂ ਨੂੰ ਮਿਲਣ ਦੇ ਬਾਵਜੂਦ ਕੋਈ ਸਥਾਈ ਹੱਲ ਨਹੀਂ ਕੱਢਿਆ ਗਿਆ | ਰਾਜੇਸ਼ ਗੁਪਤਾ ਨੇ ਨਿਗਮ ਦੀ ਕਾਰਜਪ੍ਰਣਾਲੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇੱਕ ਪਾਸੇ ਸਿਹਤ ਵਿਭਾਗ ਡੇਂਗੂ-ਮਲੇਰੀਆ ਰੋਕਣ ਲਈ ਫੌਗਿੰਗ ਕਰਵਾ ਰਿਹਾ ਹੈ, ਜਦਕਿ ਦੂਜੇ ਪਾਸੇ ਇਸ ਖੇਤਰ ਵਿਚ ਹਫ਼ਤਿਆਂ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਹੱਲ ਨਾ ਹੋਇਆ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ |