ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਗਾਂਧੀ ਨਗਰ ਵਾਰਡ ਨੰਬਰ 15 ਵਿਖੇ ਸਥਿਤ ਮੇਨ ਪਾਰਕ ਦੇ ਸੁੰਦਰੀਕਰਨ ਅਤੇ ਸੁਧਾਰ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਵਾਰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਇਹ ਪਾਰਕ ਲਾਈਟਾਂ, ਬੈਠਣ ਲਈ ਬੈਂਚਾਂ, ਪੀਣ ਵਾਲੇ ਸਾਫ਼ ਪਾਣੀ ਅਤੇ ਸੈਰਗਾਹ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ | ਵਿਧਾਇਕ ਸਵਨਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਆਉਣ ਵਾਲੇ ਇਕ ਮਹੀਨੇ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਮੁਹੱਲੇ ਦੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਕਸਰਤ ਅਤੇ ਮਨੋਰੰਜਨ ਲਈ ਇੱਕ ਵਧੀਆ ਸਥਾਨ ਮਿਲੇਗਾ | ਉਨ੍ਹਾਂ ਕਿਹਾ ਕਿ ਗਾਂਧੀ ਨਗਰ ਨਿਵਾਸੀਆਂ ਦੀ ਇਹ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਅੱਜ ਪੰਜਾਬ ਸਰਕਾਰ ਨੇ ਪੂਰਾ ਕਰ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕੇ ਵਿਚ ਰਿਕਾਰਡ ਵਿਕਾਸ ਕਾਰਜ ਹੋ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ 'ਆਮ ਆਦਮੀ ਪਾਰਟੀ' ਦੀ ਸਰਕਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰ ਰਹੀ ਹੈ ਅਤੇ ਸ਼ਹਿਰ ਦੇ ਪੈਂਡਿੰਗ ਪਏ ਵਿਕਾਸ ਕਾਰਜ, ਜਿਵੇਂ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਕੰਮ, ਵੀ ਜਲਦੀ ਪੂਰੇ ਕੀਤੇ ਜਾਣਗੇ | ਇਸ ਮੌਕੇ ਵਿਧਾਇਕ ਸਵਨਾ ਦੇ ਨਾਲ ਉਨ੍ਹਾਂ ਦੀ ਪਤਨੀ ਖ਼ੁਸ਼ਬੂ ਸਾਵਨਸੁੱਖਾ ਸਵਨਾ, ਸਾਬਕਾ ਕੌਂਸਲਰ ਨਿਸ਼ੂ ਡੋਗਰਾ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |