ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਕਾਰਡ ਬਣਾਉਣ ਸਬੰਧੀ ਜ਼ਿਲ੍ਹੇ ਦੇ ਸਮੂਹ ਨਰਸਿੰਗ ਕਾਲਜਾਂ ਦੇ ਪ੍ਰਬੰਧਕਾਂ ਅਤੇ ਨੁਮਾਇੰਦਿਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਸੁਨੀਤਾ ਕੰਬੋਜ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ ਅਤੇ ਮਨਬੀਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਨਰਸਿੰਗ ਕਾਲਜਾਂ ਨੂੰ ਅਪੀਲ ਕੀਤੀ ਕਿ ਡੇਂਗੂ ਅਤੇ ਮਲੇਰੀਆ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਫ਼ੀਲਡ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾ ਸਕੇ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਨਰਸਿੰਗ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੱਛਰਾਂ ਦੇ ਲਾਰਵੇ ਦੀ ਪਛਾਣ ਕਰਨ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇ | ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿਚ ਅੰਡੇ ਦਿੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ | ਬਚਾਅ ਲਈ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਘਰਾਂ ਦੇ ਆਲੇ-ਦੁਆਲੇ ਗਮਲਿਆਂ, ਕੂਲਰਾਂ, ਪੁਰਾਣੇ ਟਾਇਰਾਂ ਅਤੇ ਫ਼ਰਿਜ ਦੀਆਂ ਟਰੇਆਂ ਵਿਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ | ਉਨ੍ਹਾਂ ਕਿਹਾ ਕਿ ਤੇਜ਼ ਬੁਖ਼ਾਰ, ਸਿਰ ਦਰਦ ਅਤੇ ਮਾਸਪੇਸ਼ੀਆਂ ਵਿਚ ਦਰਦ ਵਰਗੇ ਲੱਛਣ ਦਿੱਖਣ 'ਤੇ ਤੁਰੰਤ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ, ਜਿੱਥੇ ਇਸ ਦਾ ਇਲਾਜ ਬਿਲਕੁਲ ਮੁਫ਼ਤ ਹੈ |