ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)-ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸਿਹਤ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ 'ਮਮਤਾ ਦਿਵਸ' ਮਨਾਇਆ ਗਿਆ | ਇਸ ਮੌਕੇ ਗਰਭਵਤੀ ਅÏਰਤਾਂ ਅਤੇ ਬੱਚਿਆਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਹਰ ਬੁੱਧਵਾਰ ਨੂੰ ਮਮਤਾ ਦਿਵਸ ਮੌਕੇ ਮੁਫ਼ਤ ਸਿਹਤ ਜਾਂਚ ਅਤੇ ਟੀਕਾਕਰਨ ਕੈਂਪ ਲਗਾਏ ਜਾਂਦੇ ਹਨ | ਇਨ੍ਹਾਂ ਕੈਂਪਾਂ 'ਚ ਜਨਰਲ ਚੈੱਕਅਪ ਦੇ ਨਾਲ-ਨਾਲ ਲੋੜੀਂਦੇ ਟੈੱਸਟ ਵੀ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਅÏਰਤਾਂ ਵਿਚ ਖ਼ੂਨ ਦੀ ਕਮੀ ਅਤੇ ਬੀ.ਪੀ.ਵਧਣ ਵਰਗੇ ਲੱਛਣ ਆਮ ਦੇਖਣ ਨੂੰ ਮਿਲਦੇ ਹਨ | ਇਸ ਲਈ ਪੌਸ਼ਟਿਕ ਖ਼ੁਰਾਕ, ਹਰੀਆਂ ਸਬਜ਼ੀਆਂ, ਦਾਲਾਂ ਅਤੇ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਸਰਕਾਰੀ ਹਸਪਤਾਲਾਂ ਤੋਂ ਮਿਲਣ ਵਾਲੀਆਂ ਆਇਰਨ ਤੇ ਫੋਲਕ ਐਸਿਡ ਦੀਆਂ ਗੋਲੀਆਂ ਲੈਣੀਆਂ ਚਾਹੀਦੀਆਂ ਹਨ | ਉਨ੍ਹਾਂ ਅੱਗੇ ਦੱਸਿਆ ਕਿ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਕਰਵਾ ਕੇ ਉਨ੍ਹਾਂ ਨੂੰ 12 ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ | ਨਵਜੰਮੇ ਬੱਚੇ ਤੋਂ ਲੈ ਕੇ 16 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ, ਕਾਲੀ ਖੰਘ, ਟੈੱਟਨਸ, ਦਿਮਾਗ਼ੀ ਬੁਖ਼ਾਰ, ਪੀਲੀਆ, ਖ਼ਸਰਾ ਅਤੇ ਨਮੂਨੀਆ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਟੀਕੇ ਲਗਾਏ ਜਾਂਦੇ ਹਨ | ਇਸ ਤੋਂ ਇਲਾਵਾ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. ਦਾ ਟੀਕਾ ਵੀ ਲਗਾਇਆ ਜਾ ਰਿਹਾ ਹੈ | ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਸ਼ਾਲੂ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ |