ਅਬੋਹਰ, 9 ਮਈ (ਤੇਜਿੰਦਰ ਸਿੰਘ ਖ਼ਾਲਸਾ)-ਕੋਰੋਨਾ ਕਾਲ ਦੌਰਾਨ ਲੋਕਾਂ ਨੂੰ ਘਰ ਬੈਠੇ ਜ਼ਰੂਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਆਨਲਾਈਨ ਦਵਾਈਆਂ ਦੀ ਵਿੱਕਰੀ ਹੁਣ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ | ਕੋਰੋਨਾ ਮਹਾਂਮਾਰੀ ਦੇ ਸਮੇਂ ਭਾਰਤ ਸਰਕਾਰ ਵਲੋਂ ਲੋਕਾਂ ਨੂੰ ਦਵਾਈਆਂ ਪ੍ਰਾਪਤ ਕਰਨ ਵਿਚ ਆ ਰਹੀਆਂ ਮੁਸ਼ਕਲਾਂ ਨੂੰ ਦੇਖਦਿਆਂ ਆਨਲਾਈਨ ਦਵਾਈਆਂ ਮੰਗਵਾਉਣ ਦੀ ਸਹੂਲਤ ਦਿੱਤੀ ਗਈ ਸੀ ਤਾਂ ਜੋ ਲੋਕ ਆਪਣੇ ਘਰਾਂ ਵਿਚ ਰਹਿ ਕੇ ਜ਼ਰੂਰੀ ਦਵਾਈਆਂ ਪ੍ਰਾਪਤ ਕਰ ਸਕਣ ਪਰ ਹੁਣ ਮੈਡੀਕਲ ਖੇਤਰ ਨਾਲ ਜੁੜੇ ਲੋਕਾਂ ਦਾ ਮੰਨਣਾ ਹੈ ਕਿ ਇਸ ਸਹੂਲਤ ਦਾ ਗ਼ਲਤ ਫ਼ਾਇਦਾ ਵੀ ਚੁੱਕਿਆ ਜਾ ਰਿਹਾ ਹੈ | ਇਸ ਸਬੰਧੀ ਸ਼ਹਿਰ ਵਿਚ ਮੈਡੀਕਲ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ | ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਲੀ ਛਾਬੜਾ, ਸੈਕਟਰੀ ਬਾਲ ਕਿ੍ਸ਼ਨ, ਪ੍ਰਧਾਨ ਅਰਜਨ ਦੇਵ ਡੇਮਲਾ, ਸੀਨੀਅਰ ਪ੍ਰਧਾਨ ਹੈਪੀ ਕੁੱਕੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਜਾ ਗਰੋਵਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਦਵਾਈਆਂ ਦੀ ਆਨਲਾਈਨ ਵਿੱਕਰੀ ਨਾਲ ਪੈਦਾ ਹੋ ਰਹੀਆਂ ਸਮੱਸਿਆਵਾਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਮੌਜੂਦ ਮੈਡੀਕਲ ਸਟੋਰ ਚਾਲਕਾਂ ਅਤੇ ਸੰਬੰਧਿਤ ਮੈਂਬਰਾਂ ਨੇ ਦੱਸਿਆ ਕਿ ਆਨਲਾਈਨ ਪਲੇਟਫ਼ਾਰਮਾਂ ਰਾਹੀਂ ਕੁੱਝ ਨਸ਼ੇ ਨਾਲ ਸੰਬੰਧਿਤ ਦਵਾਈਆਂ ਆਸਾਨੀ ਨਾਲ ਲੋਕਾਂ ਤੱਕ ਪਹੁੰਚ ਰਹੀਆਂ ਹਨ | ਜਿਸ ਕਾਰਨ ਨਸ਼ੇ ਦੀ ਲਤ ਵਧਣ ਦਾ ਖ਼ਤਰਾ ਬਣਿਆ ਹੋਇਆ ਹੈ | ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਕਈ ਨਸ਼ੇੜੀ ਘਰ ਬੈਠੇ ਆਨਲਾਈਨ ਨਸ਼ੇ ਵਾਲੀਆਂ ਦਵਾਈਆਂ ਮੰਗਵਾ ਰਹੇ ਹਨ | ਜਿਸ ਨਾਲ ਨਾ ਸਿਰਫ਼ ਨਸ਼ਾਖੋਰੀ ਨੂੰ ਵਾਧਾ ਮਿਲ ਰਿਹਾ ਹੈ, ਸਗੋਂ ਲੁੱਟ-ਖੋਹ ਅਤੇ ਹੋਰ ਅਪਰਾਧਿਕ ਵਾਰਦਾਤਾਂ ਵਿਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ 'ਤੇ ਸਮੇਂ ਸਿਰ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਸਮਾਜ 'ਤੇ ਇਸ ਦੇ ਗੰਭੀਰ ਪ੍ਰਭਾਵ ਪੈ ਸਕਦੇ ਹਨ | ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੈਡੀਕਲ ਐਸੋਸੀਏਸ਼ਨ ਵਲੋਂ 20 ਮਈ ਨੂੰ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਐਸੋਸੀਏਸ਼ਨ ਦੇ ਮੈਂਬਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੂੰ ਆਪਣੀਆਂ ਜ਼ਰੂਰੀ ਦਵਾਈਆਂ ਦੀ ਲੋੜ ਹੈ | ਉਹ ਹੜਤਾਲ ਤੋਂ ਪਹਿਲਾਂ ਹੀ ਆਪਣੀਆਂ ਦਵਾਈਆਂ ਖ਼ਰੀਦ ਲੈਣ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਦੇ ਨਾਲ ਹੀ ਐਸੋਸੀਏਸ਼ਨ ਨੇ ਸਰਕਾਰ ਕੋਲ ਮੰਗ ਕੀਤੀ ਕਿ ਆਨਲਾਈਨ ਦਵਾਈਆਂ ਦੀ ਵਿੱਕਰੀ ਲਈ ਸਖ਼ਤ ਨਿਯਮ ਬਣਾਏ ਜਾਣ ਅਤੇ ਨਸ਼ੇ ਨਾਲ ਸੰਬੰਧਿਤ ਦਵਾਈਆਂ ਦੀ ਬੇਰੋਕ-ਟੋਕ ਵਿੱਕਰੀ 'ਤੇ ਤੁਰੰਤ ਰੋਕ ਲਗਾਈ ਜਾਵੇ ਤਾਂ ਜੋ ਨਸ਼ਾਖੋਰੀ 'ਤੇ ਕਾਬੂ ਪਾਇਆ ਜਾ ਸਕੇ ਅਤੇ ਸਮਾਜ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ | ਇਸ ਮੌਕੇ ਚੇਅਰਮੈਨ ਐਮੀ ਲਾਲ, ਸੈਕਟਰੀ ਰਵੀ ਨਾਗਪਾਲ ਅਤੇ ਹੋਰ ਵੀ ਵੱਖ-ਵੱਖ ਪਿੰਡਾਂ ਦੇ ਮੈਡੀਕਲ ਸਟੋਰ ਵਾਲਿਆਂ ਨੇ ਹਿੱਸਾ ਲਿਆ |