ਮੰਡੀ ਘੁਬਾਇਆ, 12 ਮਈ (ਅਮਨ ਬਵੇਜਾ) ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਜਲਾਲਾਬਾਦ ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰਾਂ ਵਿਚੋਂ ਕੂੜਾ ਨਾ ਚੁੱਕੇ ਜਾਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗੰਦਗੀ ਕਾਰਨ ਬਦਬੂ ਫੈਲ ਰਹੀ ਹੈ | ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ ਪਏ ਹਨ | ਘਰਾਂ ਅਤੇ ਦੁਕਾਨਾਂ ਦੇ ਬਾਹਰ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਨ੍ਹਾਂ ਨੂੰ ਚੁੱਕਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ | ਗਰਮੀ ਦੇ ਮੌਸਮ ਵਿਚ ਗੰਦਗੀ ਤੋਂ ਆਉਣ ਵਾਲੀ ਬਦਬੂ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਅÏਖਾ ਹੋ ਰਿਹਾ ਹੈ | ਬਾਜ਼ਾਰਾਂ ਵਿਚ ਦੁਕਾਨਦਾਰਾਂ ਨੇ ਕਿਹਾ ਕਿ ਗੰਦਗੀ ਕਾਰਨ ਗਾਹਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਥਾਵਾਂ 'ਤੇ ਆਵਾਰਾ ਪਸ਼ੂ ਕੂੜੇ ਵਿਚੋਂ ਖਾਣ ਲਈ ਇਕੱਠੇ ਹੋ ਰਹੇ ਹਨ, ਜਿਸ ਨਾਲ ਸੜਕਾਂ 'ਤੇ ਹਾਦਸਿਆਂ ਦਾ ਡਰ ਵੀ ਬਣਿਆ ਹੋਇਆ ਹੈ | ਮੱਖੀਆਂ ਅਤੇ ਮੱਛਰਾਂ ਦੀ ਗਿਣਤੀ ਵਧਣ ਕਾਰਨ ਲੋਕਾਂ ਨੂੰ ਬਿਮਾਰੀਆਂ ਦਾ ਖ਼ਤਰਾ ਸਤਾ ਰਿਹਾ ਹੈ | ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਹਨ | ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ | ਦੂਜੇ ਪਾਸੇ ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦੀ ਇਸ ਮਾਮਲੇ ਦਾ ਹੱਲ ਕੱਢਿਆ ਜਾਵੇ ਤਾਂ ਜੋ ਸ਼ਹਿਰ ਨੂੰ ਗੰਦਗੀ ਤੋਂ ਰਾਹਤ ਮਿਲ ਸਕੇ | ਲੋਕਾਂ ਦਾ ਕਹਿਣਾ ਹੈ ਕਿ ਸਫ਼ਾਈ ਪ੍ਰਬੰਧ ਠੱਪ ਹੋਣ ਨਾਲ ਸ਼ਹਿਰ ਦੀ ਸੂਰਤ ਖ਼ਰਾਬ ਹੋ ਰਹੀ ਹੈ | ਇਸ ਸਬੰਧੀ ਜਦੋਂ ਐੱਸ.ਡੀ.ਐਮ.ਕੰਵਰਜੀਤ ਸਿੰਘ ਮਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਲੱਗ-ਅਲੱਗ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਪੱਧਰ 'ਤੇ ਹੜਤਾਲ ਕੀਤੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਅਸੀਂ ਕੋਈ ਨਾ ਕੋਈ ਹੋਰ ਹੱਲ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ | ਜਿਸ ਦੇ ਨਾਲ ਸ਼ਹਿਰ ਨੂੰ ਸਾਫ਼ ਸੁਥਰਾ ਬਣਾਇਆ ਜਾ ਸਕੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸਥਾਨਕ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਅਪੀਲ ਕੀਤੀ |