ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਅੰਤਰਰਾਸ਼ਟਰੀ ਨਰਸਿੰਗ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ, ਸਹਾਇਕ ਸਿਵਲ ਸਰਜਨ ਡਾ.ਉਪਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਜ਼ਿਲ੍ਹੇ ਦੇ ਸਮੁੱਚੇ ਨਰਸਿੰਗ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਉਨ੍ਹਾਂ ਨਰਸਾਂ ਵਲੋਂ ਨਿਭਾਈਆਂ ਜਾ ਰਹੀਆਂ ਨਿਰਸਵਾਰਥ ਸੇਵਾਵਾਂ ਦੀ ਸ਼ਲਾਘਾ ਕੀਤੀ | ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਇਸ ਸਾਲ ਦਾ ਵਿਸ਼ਾ 'ਸਾਡੀਆਂ ਨਰਸਾਂ, ਸਾਡਾ ਭਵਿੱਖ, ਸਸ਼ਕਤ ਨਰਸਾਂ ਜਾਨਾਂ ਬਚਾਉਂਦੀਆਂ ਹਨ' ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਦੁਨੀਆ ਦੀ ਪਹਿਲੀ ਨਰਸ ਮਿਸ ਫਲੋਰੈਂਸ ਨਾਈਟਿੰਗੇਲ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਮਾਨਵਤਾ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ ਸੀ, ਦੇ ਜਨਮ ਦਿਨ ਨੂੰ ਹਰ ਸਾਲ ਵਿਸ਼ਵ ਨਰਸ ਦਿਵਸ ਵਜੋਂ ਮਨਾਇਆ ਜਾਂਦਾ ਹੈ | ਸਿਵਲ ਸਰਜਨ ਨੇ ਕਿਹਾ ਕਿ ਕਿਸੇ ਵੀ ਮਰੀਜ਼ ਦੀ ਸਿਹਤਯਾਬੀ ਵਿਚ ਨਰਸਾਂ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ | ਡਾਕਟਰ ਵੱਲੋਂ ਬਿਮਾਰੀ ਦੀ ਪਛਾਣ ਕੀਤੀ ਜਾਂਦੀ ਹੈ, ਪਰ ਉਸ ਤੋਂ ਬਾਅਦ ਮਰੀਜ਼ ਦੀ ਦਿਨ-ਰਾਤ ਦੇਖਭਾਲ ਅਤੇ ਇਲਾਜ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਜ਼ਿੰਮੇਵਾਰੀ ਨਰਸਿੰਗ ਸਟਾਫ਼ ਦੀ ਹੁੰਦੀ ਹੈ | ਉਨ੍ਹਾਂ ਜ਼ਿਲ੍ਹੇ ਦੇ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਸੁਚੱਜਾ ਵਿਵਹਾਰ ਕਰਨ ਲਈ ਸਟਾਫ਼ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਹੋਰ ਵੀ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਸੁਖਦੇਵ ਸਿੰਘ ਅਤੇ ਰੋਹਿਤ ਵੀ ਮੌਜੂਦ ਸਨ | ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਨਰਸਿੰਗ ਕੇਡਰ ਦੇ ਸਨਮਾਨ ਨੂੰ ਹੋਰ ਉੱਚਾ ਚੁੱਕਣ ਲਈ ਸਮੂਹ ਸਟਾਫ਼ ਨੂੰ ਉਤਸ਼ਾਹਿਤ ਕੀਤਾ |