ਅਬੋਹਰ, 12 ਮਈ (ਵਿਵੇਕ ਹੂੜੀਆ)-ਜ਼ਿਲ੍ਹਾ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੇ ਨਿਰਦੇਸ਼ਾਂ ਅਤੇ ਐੱਸ.ਪੀ.ਆਸਵੰਤ ਸਿੰਘ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਮੁਹਿੰਮ ਚਲਾਉਂਦਿਆਂ ਥਾਣਾ ਨੰਬਰ-1 ਅਬੋਹਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਭਾਰੀ ਮਾਤਰਾ ਵਿਚ ਅਫ਼ੀਮ ਅਤੇ ਪੋਸਤ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਨੰਬਰ-1 ਦੇ ਇੰਚਾਰਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਬੀਰ ਸਿੰਘ ਪੁਲਿਸ ਟੀਮ ਸਮੇਤ ਬੀਤੀ ਰਾਤ ਦਾਣਾ ਮੰਡੀ ਤੋਂ ਅਜੀਤ ਨਗਰ ਨੂੰ ਜਾਣ ਵਾਲੇ ਕੱਚੇ ਰਸਤੇ 'ਤੇ ਗਸ਼ਤ ਕਰ ਰਹੇ ਸਨ | ਇਸ ਦੌਰਾਨ ਸਾਹਮਣੇ ਤੋਂ ਆ ਰਹੇ ਦੋ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਝਾੜੀਆਂ ਵਿਚ ਲੁਕਣ ਦੀ ਕੋਸ਼ਿਸ਼ ਕਰਨ ਲੱਗੇ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 506 ਗਰਾਮ ਅਫ਼ੀਮ ਅਤੇ 29 ਕਿੱਲੋ 500 ਗਰਾਮ ਪੋਸਤ ਬਰਾਮਦ ਹੋਇਆ | ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਿੰਦਰ ਪਾਲ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਅਲਿਆਣਾ ਥਾਣਾ ਅਰਨੀਵਾਲਾ ਅਤੇ ਕੁਲਬੀਰ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਰੁਹੇੜਿਆਂਵਾਲੀ ਵਜੋਂ ਹੋਈ ਹੈ | ਪੁਲਿਸ ਨੇ ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ਾ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨਾ ਸੀ |