ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੀਆਂ ਸਮੂਹ ਮੈਡੀਕਲ ਟੀਮਾਂ ਦੀ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਮਕਸਦ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਦੀ ਸਿਹਤ ਜਾਂਚ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਅਤੇ ਬਿਮਾਰ ਪਾਏ ਗਏ ਬੱਚਿਆਂ ਦੇ ਇਲਾਜ ਦੇ ਅੰਕੜਿਆਂ ਦੀ ਪੜਤਾਲ ਕਰਨਾ ਸੀ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਹਦਾਇਤ ਕੀਤੀ ਕਿ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਦੌਰੇ ਦਾ ਟੀਚਾ ਹਰ ਹਾਲ ਵਿਚ ਪੂਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਲਈ ਟੀਮਾਂ ਨੂੰ ਦਿੱਤੇ ਗਏ ਉਪਕਰਨਾਂ ਦੀ ਵਰਤੋਂ ਯਕੀਨੀ ਬਣਾਈ ਜਾਵੇ | ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਅਨੀਮੀਆ ਮੁਕਤ ਪੰਜਾਬ ਅਭਿਆਨ ਤਹਿਤ 10 ਤੋਂ 19 ਸਾਲ ਦੀਆਂ ਲੜਕੀਆਂ ਦੇ ਖ਼ੂਨ ਦੀ ਜਾਂਚ ਸਬੰਧੀ ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ ਗਿਆ | ਡਾ. ਕਵਿਤਾ ਸਿੰਘ ਨੇ ਮੈਡੀਕਲ ਟੀਮਾਂ ਨੂੰ ਹਦਾਇਤ ਦਿੱਤੀ ਕਿ ਦੌਰੇ ਦੌਰਾਨ ਬੱਚਿਆਂ ਦੀ ਜਾਂਚ ਤਸੱਲੀਬਖ਼ਸ਼ ਢੰਗ ਨਾਲ ਕੀਤੀ ਜਾਵੇ ਤਾਂ ਜੋ ਕਿਸੇ ਵੀ ਬਿਮਾਰੀ ਦੀ ਸਮੇਂ ਸਿਰ ਪਛਾਣ ਹੋ ਸਕੇ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ ਵਲੋਂ ਟੀਮਾਂ ਦੀ ਕਾਰਜਪ੍ਰਣਾਲੀ ਪੇਸ਼ ਕੀਤੀ ਗਈ ਅਤੇ ਸਿਵਲ ਸਰਜਨ ਨੇ ਮੈਡੀਕਲ ਟੀਮਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ, ਜ਼ਿਲ੍ਹਾ ਕੋਆਰਡੀਨੇਟਰ ਬਲਜੀਤ ਸਿੰਘ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਸੁਖਦੇਵ ਸਿੰਘ ਸਮੇਤ ਸਮੂਹ ਆਰ.ਬੀ.ਐੱਸ.ਕੇ. ਮੈਡੀਕਲ ਅਫ਼ਸਰ ਹਾਜ਼ਰ ਸਨ |