ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਚੰਦਰ ਦੇਵ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਫ਼ਾਜ਼ਿਲਕਾ ਵਲੋਂ ਵੈਟਰਨਰੀ ਇੰਸਪੈਕਟਰਾਂ ਉੱਤੇ ਪਾਏ ਜਾ ਰਹੇ ਬੇਲੋੜੇ ਦਬਾਅ ਨੂੰ ਲੈ ਕੇ ਗਹਿਰੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਵਿਭਾਗ ਵਲੋਂ ਵੈਟਰਨਰੀ ਇੰਸਪੈਕਟਰਾਂ ਨੂੰ ਇਕੋ ਸਮੇਂ ਦੋ-ਦੋ ਡਿਊਟੀਆਂ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਉਹ ਪਹਿਲਾਂ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਣਕ ਦੇ ਨਾੜ ਨੂੰ ਅੱਗ ਲੱਗਣ ਤੋਂ ਰੋਕਣ ਲਈ ਨੋਡਲ ਅਫ਼ਸਰ ਵਜੋਂ ਡਿਊਟੀ ਨਿਭਾ ਰਹੇ ਹਨ | ਇਸ ਦੇ ਬਾਵਜੂਦ ਡਿਪਟੀ ਡਾਇਰੈਕਟਰ ਵਲੋਂ ਵਿਭਾਗੀ ਕੰਮਾਂ ਦੇ 100 ਫ਼ੀਸਦੀ ਟੀਚੇ ਪੂਰੇ ਕਰਨ ਲਈ ਉਨ੍ਹਾਂ 'ਤੇ ਵਾਧੂ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਫ਼ੋਨ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਐਸੋਸੀਏਸ਼ਨ ਨੇ ਸਪਸ਼ਟ ਕੀਤਾ ਕਿ ਇਸ ਸਬੰਧੀ 4 ਮਈ ਨੂੰ ਲਿਖਤੀ ਪੱਤਰ ਰਾਹੀਂ ਵਿਭਾਗ ਨੂੰ ਜਾਣੂ ਕਰਵਾਇਆ ਗਿਆ ਸੀ ਪਰ ਕੋਈ ਸੁਧਾਰ ਨਹੀਂ ਹੋਇਆ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਜੇਕਰ ਇਹ ਬੇਲੋੜਾ ਦਬਾਅ ਤੁਰੰਤ ਬੰਦ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਡਿਪਟੀ ਡਾਇਰੈਕਟਰ ਦੇ ਦਫ਼ਤਰ ਅੱਗੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਸਿੰਘ, ਜ਼ਿਲ੍ਹਾ ਸਕੱਤਰ ਬਾਬੂ ਲਾਲ, ਜ਼ਿਲ੍ਹਾ ਵਿੱਤ ਸਕੱਤਰ ਅਮਨਦੀਪ, ਤਹਿਸੀਲ ਪ੍ਰਧਾਨ ਫ਼ਾਜ਼ਿਲਕਾ ਗੁਲਸ਼ਨ ਕੁਮਾਰ, ਤਹਿਸੀਲ ਪ੍ਰਧਾਨ ਅਬੋਹਰ ਸੁਖਜਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਸਾਹਿਲ ਕੰਬੋਜ ਸਮੇਤ ਹੋਰ ਸਾਥੀ ਹਾਜ਼ਰ ਸਨ |