ਜਲਾਲਾਬਾਦ, 13 ਮਈ (ਕਰਨ ਚੁਚਰਾ)-ਨਗਰ ਕੌਂਸਲ ਜਲਾਲਾਬਾਦ ਦੇ ਦਫ਼ਤਰ ਵਿਖੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਚੱਲ ਰਹੀ ਕੰਮ-ਛੋੜ ਹੜਤਾਲ ਅੱਠਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਹਫ਼ਤੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਨਾਲ ਗੱਲਬਾਤ ਕਰਨ ਨਹੀਂ ਪਹੁੰਚਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਜੇ ਕੁਮਾਰ, ਕੱਚੇ ਮੁਲਾਜ਼ਮ ਪ੍ਰਧਾਨ ਸੰਨ੍ਹੀ ਕੁਮਾਰ ਅਤੇ ਹੋਰਨਾਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਾਮਿਆਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ 'ਤੇ ਅਣਮਨੁੱਖੀ ਹਾਲਾਤਾਂ ਵਿਚ ਕੰਮ ਕਰਨ ਲਈ ਮਜਬੂਰ ਹਨ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਗੱਲਬਾਤ ਰਾਹੀਂ ਮਸਲੇ ਹੱਲ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੱਚੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਘੱਟੋ-ਘੱਟ ਮਹੀਨਾਵਾਰ ਤਨਖ਼ਾਹ 40,000 ਰੁਪਏ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਲੋੜੀਂਦੀਆਂ ਸੇਫ਼ਟੀ ਕਿੱਟਾਂ ਮੁਹੱਈਆ ਕਰਵਾਈਆਂ ਜਾਣ | ਇਸ ਹੜਤਾਲ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਅਤੇ ਸਕੱਤਰ ਮਨਦੀਪ ਸਿੰਘ ਨੇ ਸਾਥੀਆਂ ਸਮੇਤ ਪਹੁੰਚ ਕੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ | ਇਸ ਮੌਕੇ ਰਵੀ ਕੁਮਾਰ, ਰੇਸ਼ਮ ਸਿੰਘ, ਗੁਰਬਖ਼ਸ਼ ਲਾਲ, ਵਿਕਾਸ ਕੁਮਾਰ, ਵਿਨੋਦ ਕੁਮਾਰ, ਲਖਵੀਰ ਚੰਦ ਸਮੇਤ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ, ਸੀਵਰਮੈਨ ਅਤੇ ਡਰਾਈਵਰ ਯੂਨੀਅਨ ਦੇ ਮੈਂਬਰ ਹਾਜ਼ਰ ਸਨ |