ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਦਾ 12ਵੀਂ ਦਾ ਨਤੀਜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਸ਼ਾਨਦਾਰ ਰਿਹਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਵਿੱਦਿਅਕ ਖੇਤਰ 'ਚ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਦੇ ਆਕਰਸ਼ ਨੇ ਮੈਡੀਕਲ ਗਰੁੱਪ ਵਿਚੋਂ ਅਤੇ ਸੁਹਾਨੀ ਨੇ ਹਿਊਮੈਨਿਟੀਜ਼ ਗਰੁੱਪ ਵਿਚੋਂ ਪੂਰੇ ਸ਼ਹਿਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਵੱਡੀ ਉਪਲਬਧੀ ਹਾਸਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ 13 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਜਦ ਕਿ 35 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ, 34 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਕਿਹਾ ਕਿ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ 50 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਫਲਤਾ ਹਾਸਲ ਕੀਤੀ ਹੈ | ਕਈ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚੋਂ ਪੂਰੇ ਅੰਕ ਪ੍ਰਾਪਤ ਕਰਕੇ ਮਿਸਾਲ ਪੈਦਾ ਕੀਤੀ ਹੈ | ਪੀਆ ਸਚਦੇਵਾ ਨੇ ਅੰਗਰੇਜ਼ੀ ਅਤੇ ਪੰਜਾਬੀ ਵਿਚੋਂ 100 ਵਿਚੋਂ 100 ਅੰਕ ਹਾਸਲ ਕੀਤੇ | ਪਰੀਸ਼ਾ ਨੇ ਸੰਗੀਤ ਅਤੇ ਪੰਜਾਬੀ ਵਿਚੋਂ ਜਦਕਿ ਈਸ਼ਾਨ ਚਾਵਲਾ ਨੇ ਸੰਗੀਤ ਵਿਚੋਂ 100 ਵਿਚੋਂ 100 ਅੰਕ ਪ੍ਰਾਪਤ ਕੀਤੇ | ਵੱਖ-ਵੱਖ ਵਿਸ਼ਿਆਂ ਵਿਚ ਵੀ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਾਜਵਾਬ ਰਿਹਾ | ਵਿਦਿਆਰਥੀਆਂ ਦੇ ਇਸ ਸ਼ਾਨਦਾਰ ਨਤੀਜੇ 'ਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਸਮੂਹ ਮੈਂਬਰਾਂ, ਪਿ੍ੰਸੀਪਲ ਸ੍ਰੀਮਤੀ ਮਧੂ ਸ਼ਰਮਾ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |