ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਡਬਵਾਲਾ ਕਲਾਂ ਬਲਾਕ ਦੇ ਅਧੀਨ ਆਉਂਦੇ ਪਿੰਡਾਂ ਵਿਚ ਸਿਹਤ ਵਿਭਾਗ ਵਲੋਂ ਰਾਸ਼ਟਰੀ ਡੇਂਗੂ ਦਿਵਸ ਵੱਡੇ ਪੱਧਰ 'ਤੇ ਮਨਾਇਆ ਗਿਆ | ਇਸ ਮੌਕੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਅਤੇ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ | ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਪੰਕਜ ਚੌਹਾਨ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੇ ਪਿੰਡਾਂ ਵਿਚ ਸਰਵੇ ਕੀਤਾ | ਇਸ ਦੌਰਾਨ ਖੜ੍ਹੇ ਪਾਣੀ ਵਾਲੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਮੱਛਰਾਂ ਦਾ ਲਾਰਵਾ ਖ਼ਤਮ ਕਰਨ ਲਈ ਐਂਟੀ-ਲਾਰਵਾ ਗਤੀਵਿਧੀਆਂ ਚਲਾਈਆਂ ਗਈਆਂ | ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ ਡੇਂਗੂ ਦੇ ਮੁੱਖ ਲੱਛਣ ਹਨ | ਅਜਿਹੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖ਼ੁਦ ਇਲਾਜ ਕਰਨ ਦੀ ਬਜਾਏ ਡਾਕਟਰੀ ਸਲਾਹ ਲੈਣਾ ਬਹੁਤ ਜ਼ਰੂਰੀ ਹੈ |