ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ. ਸਬੰਧੀ ਬੀ.ਐਲ.ਓਜ ਨੂੰ 24 ਜੂਨ ਤੱਕ ਟਰੇਨਿੰਗ ਦਿੱਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਜ਼ਿਲੇ੍ਹ ਵਿਚ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ ਘਰ-ਘਰ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ | ਇਸ ਕਾਰਜ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿਚ 829 ਬੂਥਾਂ 'ਤੇ 829 ਬੀ.ਐਲ.ਓਜ, 90 ਬੀ.ਐਲ.ਓ ਸੁਪਰਵਾਈਜ਼ਰ, 4 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ 2 ਸਹਾਇਕ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ ਪ੍ਰਤੀ ਹਲਕਾ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 7,75,287 ਵੋਟਰ ਹਨ | ਜਿਸ ਅਨੁਸਾਰ ਹਰੇਕ ਬੀ.ਐਲ.ਓ ਨੂੰ ਅÏਸਤ 935 ਵੋਟਰਾਂ ਦੀ ਐੱਸ.ਆਈ.ਆਰ ਕਰਨੀ ਹੋਵੇਗੀ | ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ ਅਧੀਨ ਜ਼ਿਲ੍ਹੇ ਦੇ 7,75, 287 ਵੋਟਰਾਂ ਵਿਚੋਂ 6,72,985 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕਰ ਦਿੱਤੇ ਗਏ ਹਨ ਜੋ ਕਿ ਤਕਰੀਬਨ 86.8 ਪ੍ਰਤੀਸ਼ਤ ਬਣਦਾ ਹੈ | ਭਾਵੇਂ ਕਿ ਸਾਰੇ ਵੋਟਰਾਂ ਨੂੰ ਐੱਸ.ਆਈ.ਆਰ ਅਧੀਨ ਫਾਰਮ ਭਰਨਾ ਜ਼ਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ ਐੱਸ.ਆਈ.ਆਰ ਦੀ ਪ੍ਰਕਿਰਿਆ ਕਾਫ਼ੀ ਆਸਾਨ ਹੋਵੇਗੀ | ਜੇਕਰ ਕੋਈ ਵੋਟਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਗਣਨਾ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫ਼ਟ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ ਜੋ ਮਿਤੀ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਦਾਅਵੇ ਅਤੇ ਇਤਰਾਜ਼ ਮਿਤੀ 30.8.2026 ਤੱਕ ਲਏ ਜਾਣਗੇ ਜਿਨ੍ਹਾਂ ਦਾ ਨਿਪਟਾਰਾ ਮਿਤੀ 28.09.2026 ਤੱਕ ਕਰਦੇ ਹੋਏ ਮਿਤੀ 01.10.2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ | ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ ਮਿਤੀ 24.07.2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੇ ਸਪੈਸ਼ਲ ਇੰਨਟੈਨਸਿਵ ਰਿਵੀਜ਼ਨ ਵਿਚ ਬੀ.ਐਲ.ਓ. ਨੂੰ ਪੂਰਾ ਸਹਿਯੋਗ ਦੇਣ | ਇਸ ਦੇ ਨਾਲ ਨਾਲ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ.ਨਿਯੁਕਤ ਕਰਨ ਲਈ ਅਪੀਲ ਕੀਤੀ ਜਾਂਦੀ ਹੈ | ਰਾਜਨੀਤਿਕ ਪਾਰਟੀਆਂ ਦੀ ਸਪੈਸ਼ਲ ਇੰਨਟੈਨਸਿਵ ਰਿਵੀਜ਼ਨ ਵਿਚ ਸ਼ਮੂਲੀਅਤ ਵਧਾਉਣ ਲਈ ਬੀ.ਐਲ.ਏ.ਨੂੰ ਦਿਨ ਵਿਚ ਵੱਧ ਤੋਂ ਵੱਧ 50 ਫਾਰਮ ਮੁੱਢਲੀ ਪ੍ਰਕਾਸ਼ਨਾਂ ਤੱਕ ਜਮਾਂ ਕਰਵਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ | ਉਨ੍ਹਾਂ ਜ਼ਿਲੇ੍ਹ ਦੇ ਸਮੂਹ ਵੋਟਰਾਂ ਨੂੰ ਯਕੀਨ ਦਵਾਇਆ ਜਾਂਦਾ ਹੈ ਕਿ ਸਪੈਸ਼ਲ ਇੰਨਟੈਨਸਿਵ ਰਿਵੀਜ਼ਨ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਸਮੇਂ ਸਮੇਂ ਤੇ ਵਿਚਾਰ ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ | ਵੋਟਰ 1950 ਹੈਲਪ ਲਾਈਨ ਅਤੇ ਵੈੱਬਸਾਈਟ 'ਤੇ ਜਾਣਕਾਰੀ ਅਤੇ ਵੋਟਰ ਸੂਚੀ ਵਿਚ ਆਪਣੇ ਇੰਦਰਾਜ ਸਬੰਧੀ ਫਾਰਮ ਭਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਜ਼ਿਲੇ੍ਹ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿਚੋਂ ਬਾਹਰ ਕਰਨਾ ਹੋਵੇਗਾ |